ਦਿੱਲੀ ਸ਼ਰਾਬ ਨੀਤੀ ਮਾਮਲਾ : ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਜੇਲ੍ਹ
ਪੜ੍ਹੋ, ਕਦੋਂ ਹੋਵੇਗੀ ਅਗਲੀ ਪੇਸ਼ੀ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਿਸੋਦੀਆ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। ਅੱਜ ਹੋਈ ਸੁਣਵਾਈ ਵਿੱਚ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਨੇ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਦੇ ਵਕੀਲ ਨੇ ਕਿਹਾ ਕਿ ਸਿਸੋਦੀਆ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਜਾ ਰਹੀ ਹੈ ਪਰ ਅਗਲੇ 15 ਦਿਨਾਂ ਵਿੱਚ ਲੋੜ ਪੈਣ ‘ਤੇ ਮੁੜ ਹਿਰਾਸਤ ਦੀ ਮੰਗ ਕੀਤੀ ਜਾ ਸਕਦੀ ਹੈ। ਹੁਣ ਮਨੀਸ਼ ਸਿਸੋਦੀਆ ਨੂੰ 20 ਮਾਰਚ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 4 ਮਾਰਚ ਨੂੰ ਅਦਾਲਤ ਨੇ ਸਿਸੋਦੀਆ ਦਾ ਸੀਬੀਆਈ ਰਿਮਾਂਡ ਦੋ ਦਿਨਾਂ ਲਈ 6 ਮਾਰਚ ਤੱਕ ਵਧਾ ਦਿੱਤਾ ਸੀ, ਜੋ ਅੱਜ ਸੋਮਵਾਰ ਨੂੰ ਖਤਮ ਹੋ ਗਿਆ। ਹਾਲਾਂਕਿ ਸੀਬੀਆਈ ਨੇ ਅਦਾਲਤ ਤੋਂ ਉਸ ਦੀ ਤਿੰਨ ਦਿਨ ਦੀ ਹਿਰਾਸਤ ਮੰਗੀ ਸੀ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ 10 ਮਾਰਚ ਨੂੰ ਦੁਪਹਿਰ 2 ਵਜੇ ਆਪਣਾ ਫੈਸਲਾ ਸੁਣਾਏਗੀ। ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ 27 ਫਰਵਰੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਸਿਸੋਦੀਆ ਨੂੰ 5 ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।