ਦੁਬਈ ਤੋਂ ਪਰਤੇ ਵਿਅਕਤੀ ਦੀ ਅਮ੍ਰਿਤਸਰ ‘ਚ ਗੋਲੀ ਮਾਰ ਕੇ ਹੱਤਿਆ
ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ)- ਪੰਜਾਬ ਵਿੱਚ ਸ਼ਰਾਰਤੀ ਅਨਸਰਾਂ ਦੇ ਹੌਂਸਲੇ ਵਧਦੇ ਜਾ ਰਹੇ ਹਨ, ਉਨ੍ਹਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ। ਹੁਣ ਦੁਬਈ ਤੋਂ ਪਰਤੇ ਨੌਜਵਾਨ ਦੀ ਅੰਮ੍ਰਿਤਸਰ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਛੇਹਰਟਾ ਕਾਲੇ ਪਿੰਡ ਵਾਸੀ ਹਰਿੰਦਰ ਸਿੰਘ ਅਤੇ ਉਸ ਦੀ ਪਤਨੀ ਸਤਨਾਮ ਕੌਰ ਆਪਣੀਆਂ ਦੋ ਧੀਆਂ ਸਮੇਤ ਸਵੇਰੇ ਸਾਢੇ ਤਿੰਨ ਵਜੇ ਦਰਬਾਰ ਸਾਹਿਬ ਮੱਥਾ ਟੇਕਣ ਲਈ ਘਰੋਂ ਨਿਕਲੇ ਸਨ। ਕਾਲੇ ਰੋਡ ਤੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਹਰਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹਰਿੰਦਰ ਸਿੰਘ 13 ਦਿਨ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਕਤਲ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੜਕ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਇਆ ਜਾ ਸਕੇ। ਜਲਦ ਹੀ ਦੋਸ਼ੀ ਫੜੇ ਜਾਣਗੇ।























