ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ
ਕਿਸਾਨ ਜੱਥੇਬੰਦੀਆਂ ਦੀਆਂ ਮੰਗਾਂ ਤੋਂ ਕਰਵਾਇਆ ਮੁੱਖ ਮੰਤਰੀ ਨੂੰ ਜਾਣੂ
ਦੇਖੋ,ਕੈਪਟਨ ਨੂੰ ਲਿਖੀ ਚਿੱਠੀ ਵਿੱਚ ਸਿੱਧੂ ਨੇ ਉਠਾਏ ਕਿਹੜੇ ਨਵੇਂ ਮੁੱਦੇ
ਚੰਡੀਗੜ੍ਹ,13 ਸਤੰਬਰ(ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਤੋਂ ਜਾਣੂ ਕਰਵਾਇਆ ਹੈ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਸਿੱਧੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਧਰਨੇ ਪ੍ਰਦਰਸ਼ਨ ਕਰਦਿਆਂ ਹੋਇਆਂ ਕਿਸਾਨਾਂ ਤੇ ਦਰਜ ਹੋਏ ਪਰਚੇ ਰੱਦ ਕਰ ਦਿੱਤੇ ਜਾਣ ।
ਸਿੱਧੂ ਨੇ ਕਿਹਾ ਕਿ ਕਾਂਗਰਸ ਨੇ ਅੰਦੋਲਨ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਸਮਰਥਨ ਕੀਤਾ ਹੈ। ਸਾਡੀ ਸਰਕਾਰ ਕਾਲੇ ਕਾਨੂੰਨਾਂ ਦੇ ਵਿਰੁੱਧ ਹੈ ਅਤੇ ਘੱਟੋ -ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀਆਂ ਫਸਲਾਂ ਖਰੀਦਣ ਨੂੰ ਯਕੀਨੀ ਬਣਾਇਆ ਹੈ। ਸਿੱਧੂ ਨੇ ਚਿੱਠੀ ਵਿੱਚ ਲਿਖਿਆ ਕਿ ਕੇਂਦਰ ਸਰਕਾਰ ਵੱਲੋਂ ਅਨਾਜ ਦੀ ਖਰੀਦ ਲਈ, ਕਿਸਾਨਾਂ ਕੋਲੋਂ ਉਹਨਾਂ ਦੀ ਜ਼ਮੀਨ ਦੀਆਂ ਫਰਦਾਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀ ਮਾਲਕੀ ਉੱਤੇ ਨਿਸ਼ਾਨ ਲਗਾਇਆ ਜਾ ਸਕੇ, ਪਰ ਕਿਸਾਨ ਡਰੇ ਹੋਏ ਹਨ ਅਤੇ ਮੇਰਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਮੰਗ ਨਾਜ਼ਾਇਜ ਹੈ ਅਤੇ ਇਹ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ।