ਆਮ ਆਦਮੀ ਪਾਰਟੀ ਸਜਾ-ਮੁਆਫ਼ੀ ਲਈ ਸੰਘਰਸ਼ ਕਰ ਰਹੇ ਲੋਕਾਂ ਦੇ ਪੂਰੀ ਤਰ੍ਹਾਂ ਨਾਲ-ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਸਤੰਬਰ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ-ਜਥੇਬੰਦੀਆਂ ਦੀ ਜ਼ੋਰਦਾਰ ਮੰਗ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜਾ-ਮੁਆਫ਼ੀ ਦੀ ਜ਼ੋਰਦਾਰ ਵਕਾਲਤ ਕਰ ਰਹੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪਾਰਟੀ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜਾ ਮੁਆਫ਼ੀ ਲਈ ਕਿਰਨਜੀਤ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਾਹਲ ਕਲਾਂ ਅਤੇ ਸੂਬਾ ਪੱਧਰੀ ਸੰਘਰਸ਼ ਕਮੇਟੀ ਦਾ ਪੂਰਨ ਸਮਰਥਨ ਕਰਦੀ ਹੈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਹ ਇਸ ਮਾਮਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਨਾਲ ਲਗਾਤਾਰ ਸੰਪਰਕ ‘ਚ ਹਨ, ਜਦਕਿ ਇਸ ਤੋਂ ਪਹਿਲਾਂ ਉਹ (ਚੀਮਾ) ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ ਅਤੇ ਸੂਬਾ ਜਨਰਲ ਸਕੱਤਰ ਮਾਸਟਰ ਪ੍ਰੇਮ ਸਮੇਤ ਐਕਸ਼ਨ ਕਮੇਟੀ ਦੇ ਬਾਕੀ ਨੁਮਾਇੰਦਿਆਂ ਨਾਲ ਪੰਜਾਬ ਦੇ ਰਾਜਪਾਲ ਨੂੰ ਵੀ ਮੰਗ ਪੱਤਰ ਸੌਂਪ ਚੁੱਕੇ ਹਨ।
‘ਆਪ’ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਕੋਲ ਜ਼ੋਰਦਾਰ ਮੰਗ ਕੀਤੀ ਕਿ ਉਹ ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਲਈ ਹਰ ਸੰਭਵ ਕਦਮ ਤੁਰੰਤ ਉਠਾਉਣ ਕਿਉਂਕਿ ਇਹ ਮਸਲਾ ਬਰਨਾਲਾ ਜ਼ਿਲ੍ਹੇ ਸਮੇਤ ਪੰਜਾਬ ਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਮਸਲਾ ਬਣ ਚੁੱਕਾ ਹੈ।