ਨਗਰ ਕੀਰਤਨ ਵਿੱਚ ਕਿਸਾਨਾਂ ਦੇ ਮੁੱਦੇ ਦੀ ਕੀਤੀ ਜ਼ੋਰਦਾਰ ਹਮਾਇਤ
ਮੁੱਖ ਮੰਤਰੀ ਪੰਜਾਬ ਵੱਲੋਂ ਸੰਤ ਸੀਚੇਵਾਲ ਦਾ ਸਨਮਾਨ
ਸੁਲਤਾਨਪੁਰ ਲੋਧੀ, 30 ਨਵੰਬਰ (ਵਿਸ਼ਵ ਵਾਰਤਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰਪ੍ਰਕਾਸ਼ ਨਿਰਮਲ ਕੁਟੀਆ ਤੋਂ ਚੱਲੇ ਨਗਰ ਕੀਰਤਨ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ 551 ਬੂਟਿਆਂ ਦਾ ਪ੍ਰਸ਼ਾਂਦ ਵੰਡਿਆ। ਇਹ ਨਗਰ ਕੀਰਤਨ ਨਿਰਮਲ ਕੁਟੀਆ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸੰਤਘਾਟ, ਗੁਰਦੁਆਰਾ ਗੁਰੂ ਕਾ ਬਾਗ, ਗੁਰਦੁਆਰਾ ਹੱਟ ਸਾਹਿਬ ਤੇ ਗੁਰਦੁਆਰਾ ਬੇਰ ਸਾਹਿਬ ਤੋਂ ਹੁੰਦਾ ਹੋਇਆ ਨਿਰਮਲ ਕੁਟੀਆ ਆ ਕੇ ਸੰਪਨ ਹੋਇਆ। ਨਗਰ ਕੀਰਤਨ ਦਾ ਥਾਂ –ਥਾਂ ‘ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਲੰਗਰ ਛਕਾਇਆ ਗਿਆ। ਸਾਰੇ ਨਗਰ ਕੀਰਤ ਦੌਰਾਨ ਜਿੱਥੇ ਸੰਤ ਬਲਬੀਰ ਸਿੰਘ ਸਚਿੇਵਾਲ ਜੀ ਨੇ ਗੁਰਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਤੇ ਸੀਚੇਵਾਲ ਦੇ ਰਾਗੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੌਰਾਨ ਸੰਤ ਸੀਚੇਵਾਲ ਜੀ ਨੇ ਸੰਗਤਾਂ ਨੂੰ ਪੰਜਾਬ ਦੇ ਗੰਧਾਲੇ ਹੋ ਰਹੇ ਵਾਤਾਵਰਣ ਬਾਰੇ ਵੀ ਸੁਚੇਤ ਕੀਤਾ।
ਨਗਰ ਕੀਰਤਨ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਦਿੱਲੀ ਵਿੱਚ ਧਰਨਾ ਦੇ ਰਹੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਪਿਛਲੇ ਦੋ ਮਹੀਨਿਆਂ ਤੋਂ ਸੜਕਾਂ ‘ਤੇ ਬੈਠਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕੀਤੀ ਜਾ ਰਹੀ ਹੈ ਤੇ ਜਿਸ ਲਈ ਸਰਕਾਰਾਂ ਨੂੰ ਕਿਸਾਨਾਂ ਦੀ ਗੱਲ ਪਹਿਲ ਦੇ ਅਧਾਰ ‘ਤੇ ਸੁਣਨੀ ਚਾਹੀਦੀ ਹੈ ਤੇ ਇਸ ਦਾ ਹੱਲ ਕੱਢਣਾ ਚਾਹੀਦਾ ਤਾਂ ਜੋ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਸੜਕਾਂ ਤੇ ਨਾ ਰੁਲੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਾਲਿਆ ਨੂੰ ਸਨਮਾਨਿਤ ਵੀ ਕੀਤਾ। ਪੰਜਾਬ ਸਰਕਾਰ ਵੱਲੋਂ ਨਿਹੰਗ ਸਿੰਘਾਂ ਦੇ ਗੁਰਦੁਆਰਾ ਸਾਹਿਬ ਵਿੱਚ 550ਵੇਂ ਪ੍ਰਕਾਸ਼ ਪੁਰਬ ਦੀ ਸੰਪੂਰਨਤਾ ਲਈ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਸੰਤ ਸਮਾਜ ਦੀਆਂ ਹੋਰ ਧਾਰਮਿਕ ਸਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਇਕਬਾਲ ਸਿੰਘ, ਸੰਤ ਅਮਰੀਕ ਸਿੰਘ ਜੀ ਖੁਖਰੈਣ, ਸੰਤ ਗੁਰਮੇਜ ਸਿੰਘ ਸੈਦਰਾਣਾ ਸਾਹਿਬ, ਬਾਬਾ ਸੁਰਜੀਤ ਸਿੰਘ ਜੀ ਲੋਹੀਆਂ, ਖੈੜਾ ਬੇਟ ਤੋਂ ਮਹਾਤਮਾ ਮੁਨੀ ਜੀ, ਸੰਤ ਸੁਖਜੀਤ ਸਿੰਘ ਸਮੇਤ ਹੋਰ ਸਖਸ਼ੀਅਤਾਂ ਨੇ ਹਾਜ਼ਰੀ ਭਰੀ।