ਰਾਸ਼ਟਰਪਤੀ ਭਵਨ ਵਿੱਚ ਚੇਂਜ ਓਫ ਗਾਰਡ ਸਮਾਰੋਹ ਵਿੱਚ ਕੋਈ ਬਦਲਾਅ ਨਹੀਂ
ਚੰਡੀਗੜ੍ਹ 8 ਜੂਨ( ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਦੌਰਾਨ ਨਰਿੰਦਰ ਮੋਦੀ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਰਾਸ਼ਟਰਪਤੀ ਭਵਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਨਰਿੰਦਰ ਮੋਦੀ 9 ਜੂਨ ਨੂੰ ਸ਼ਾਮ 7.15 ਵਜੇ ਸਹੁੰ ਚੁੱਕਣਗੇ।
ਰਾਸ਼ਟਰਪਤੀ ਭਵਨ ਵੱਲੋਂ ਆਪਣੇ ਪੋਸਟ ਵਿੱਚ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ 9 ਜੂਨ ਨੂੰ ਸ਼ਾਮ 7.15 ਵਜੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਭਵਨ ਪਹੁੰਚ ਕੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਸੀ ਅਤੇ ਐਨਡੀਏ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।
ਇਸ ਦੇ ਨਾਲ ਹੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਅਤੇ ਮੰਤਰੀ ਪ੍ਰੀਸ਼ਦ ਦੇ ਸਹੁੰ ਚੁੱਕ ਸਮਾਗਮ ਅਤੇ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨ ਲਈ ਰਾਸ਼ਟਰਪਤੀ ਦੀ ਤਿਆਰੀ ਕਾਰਨ 8, 15 ਅਤੇ 22 ਜੂਨ ਨੂੰ ਰਾਸ਼ਟਰਪਤੀ ਭਵਨ ਵਿੱਚ ਚੇਂਜ ਓਫ ਗਾਰਡ ਸਮਾਰੋਹ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।