ਨਵੀਂ ਸਰਕਾਰ ਆਉਂਦਿਆ ਹੀ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸੀ ਦੇ ਹੁਕਮ ਜਾਰੀ
ਪੜ੍ਹੋ,ਕਿਸ ਕਿਸ ਕੋਲ ਰਹੇਗੀ ਸੁਰੱਖਿਆ
ਚੰਡੀਗੜ੍ਹ,12 ਮਾਰਚ(ਵਿਸ਼ਵ ਵਾਰਤਾ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਕੁੱਲ 122 ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਕੇ ਸਬੰਧਤ ਯੂਨਿਟ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਦਾਲਤ ਦੇ ਹੁਕਮਾਂ ‘ਤੇ ਸੁਰੱਖਿਆ ਦਿੱਤੀ ਗਈ ਸੀ, ਉਸ ਨੂੰ ਵਾਪਸ ਨਾ ਲਿਆ ਜਾਵੇ। ਦੂਜੇ ਪਾਸੇ ਜੇਕਰ ਕਿਸੇ ਸਾਬਕਾ ਮੰਤਰੀ ਜਾਂ ਵਿਧਾਇਕ ਨੂੰ ਸੁਰੱਖਿਆ ਦੇ ਖਤਰੇ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਏਡੀਜੀਪੀ (ਸੁਰੱਖਿਆ) ਤੋਂ ਕਲੀਅਰੈਂਸ ਲਈ ਜਾਵੇ।