ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ-ਡਾ. ਸ਼ੇਨਾ ਅਗਰਵਾਲ
*ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 27 ਜੁਲਾਈ :ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ, ਮਿਸ਼ਨ ਰੈੱਡ ਸਕਾਈ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਸਮੂਹ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸੇ ਤਰਾਂ ਉਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਖੇਡਾਂ ਅਤੇ ਹੋਰਨਾਂ ਉਸਾਰੂ ਕਾਰਜਾਂ ਵੱਲ ਪ੍ਰੇਰਿਤ ਕਰਨ ਲਈ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਦੀ ਹਦਾਇਤ ਕੀਤੀ। ਉਨਾਂ ਜ਼ਿਲੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਵੀ ਨਿਰਦੇਸ਼ ਦਿੱਤੀ। ਇਸ ਦੌਰਾਨ ਉਨਾਂ ਵੱਖ-ਵੱਖ ਵਿਭਾਗਾਂ ਵੱਲੋਂ ਇਨਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।
ਇਸ ਮੌਕੇ ਨੋਡਲ ਅਫ਼ਸਰ ਨਸ਼ਾ ਮੁਕਤ ਭਾਰਤ ਅਭਿਆਨ-ਕਮ-ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਸੰਤੋਸ਼ ਵਿਰਦੀ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲੇ ਵਿਚ ਵੱਖ-ਵੱਖ ਓਟ ਸੈਂਟਰਾਂ ਵਿਚ ਹੁਣ ਤੱਕ ਰੋਜ਼ਗਾਰ ਪ੍ਰਾਪਤੀ, ਸਿਖਲਾਈ ਅਤੇ ਕਰਜ਼ਾ ਪ੍ਰਾਪਤੀ ਸਬੰਧੀ 4 ਵਿਸ਼ੇਸ਼ ਕੈਂਪ ਲਗਾਏ ਜਾ ਚੁੱਕੇ ਹਨ, ਜਿਨਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਅ) ਛੋਟੂ ਰਾਮ, ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।