ਨਸ਼ਾ ਤਸਕਰੀ ਮਾਮਲਾ: ਇੱਕ ਵਾਰ ਫਿਰ ਵੱਧ ਸਕਦੀਆਂ ਹਨ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ
ਮਜੀਠੀਆ ਜ਼ਮਾਨਤ ਖ਼ਿਲਾਫ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਦਾਇਰ ਕਰੇਗੀ ਐਸਐਲਪੀ
ਚੰਡੀਗੜ੍ਹ 1 ਨਵੰਬਰ(ਵਿਸ਼ਵ ਵਾਰਤਾ)-ਨਸ਼ਾ ਤਸਕਰੀ ਮਾਮਲੇ ਵਿੱਚ ਜ਼ਮਾਨਤ ਤੇ ਬਾਹਰ ਆਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਬਹੁ-ਕਰੋੜੀ ਨਸ਼ਾ ਤਸਕਰੀ ਦੇ ਕੇਸ ਵਿੱਚ ਮਜੀਠੀਆ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰਨ ਲਈ ਤਿਆਰ ਹੈ। ਹੋਰ ਜਾਣਕਾਰੀ ਅਨੁਸਾਰ ਬਿਊਰੋ ਆਫ ਇਨਵੈਸਟੀਗੇਸ਼ਨ ਵਿੰਗ ਦੇ ਉੱਚ ਅਧਿਕਾਰੀਆਂ ਅਤੇ ਐਡਵੋਕੇਟ ਜਨਰਲ ਦੀ ਅਗਵਾਈ ਵਾਲੀ ਟੀਮ ਨੇ ਪੂਰੇ ਮਾਮਲੇ ਸਬੰਧੀ ਸਾਰੇ ਦਸਤਾਵੇਜ਼ ਤਿਆਰ ਕਰਕੇ ਪੰਜਾਬ ਸਰਕਾਰ ਦੇ ਵਧੀਕ ਐਡਵੋਕੇਟ ਜਨਰਲ ਨੂੰ ਦਿੱਲੀ ਸਥਿਤ ਸੁਪਰੀਮ ਕੋਰਟ ਵਿੱਚ ਭੇਜ ਦਿੱਤੇ ਹਨ। ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਉਹ ਸੁਪਰੀਮ ਕੋਰਟ ਵਿੱਚ ਐਸਐਲਪੀ ਦਾਇਰ ਕਰਨਗੇ, ਜਿਸ ਨੂੰ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਵੱਲੋਂ ਐੱਸਐੱਲਪੀ ਵਿੱਚ 13 ਦੇ ਕਰੀਬ ਅਜਿਹੇ ਨੁਕਤਿਆਂ ‘ਤੇ ਕੰਮ ਕੀਤਾ ਗਿਆ ਹੈ, ਜਿਨ੍ਹਾਂ ਨੂੰ ਲੈ ਕੇ ਸੂਬੇ ਦੀਆਂ ਜਾਂਚ ਏਜੰਸੀਆਂ ਸਮੇਂ-ਸਮੇਂ ‘ਤੇ ਅਕਾਲੀ ਮੰਤਰੀ ਨੂੰ ਘੇਰਦੀਆਂ ਰਹੀਆਂ ਹਨ। ਇਸ ਵਿੱਚ ਵਿਦੇਸ਼ ਵਿੱਚ ਰਹਿੰਦੇ ਸਤਪ੍ਰੀਤ ਸੱਤਾ ਸਮੇਤ ਉਸ ਦੇ ਕਈ ਕਰੀਬੀ ਦੋਸਤਾਂ ਦੀ ਭੂਮਿਕਾ ਨੂੰ ਆਧਾਰ ਬਣਾਇਆ ਗਿਆ ਹੈ। ਜਿਕਰ ਇਹ ਵੀ ਕਰਨਾ ਬਣਦਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਮਜੀਠੀਆ ਖ਼ਿਲਾਫ਼ ਪਿਛਲੇ ਸਾਲ 20 ਦਸੰਬਰ ਨੂੰ ਐਨਡੀਪੀਐਸ ਐਕਟ ਤਹਿਤ ਮੁਹਾਲੀ ਪੁਲੀਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਮਜੀਠੀਆ ਨੂੰ ਅਗਸਤ 2022 ਵਿੱਚ ਜ਼ਮਾਨਤ ਮਿਲਣ ਤੋਂ ਦੋ ਮਹੀਨੇ ਬਾਅਦ, ਪੰਜਾਬ ਸਰਕਾਰ ਨੂੰ SLP ਦਾਇਰ ਕਰਨ ਦੀ ਮਨਜ਼ੂਰੀ ਮਿਲ ਗਈ ਹੈ।