ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿਚ ਕਪੂਰਥਲਾ ਜਿਲ੍ਹੇ ਦਾ ਸ਼ਾਨਦਾਰ ਪ੍ਰਦਰਸ਼ਨ
ਨਿਵੇਸ਼ ਪ੍ਰੋਤਸਾਹਨ ਅਤੇ ਰੈਗੂਲੇਟਰੀ ਮਨਜ਼ੂਰੀਆਂ ਦੇ ਖੇਤਰ ਵਿਚ ਸੂਬੇ ਭਰ ਵਿਚੋਂ ਹਾਸਲ ਕੀਤਾ ਦੂਜਾ ਸਥਾਨ
ਪੰਜਾਬ ਨਿਵੇਸ਼ ਸੰਮੇਲਨ 2023 ਦੌਰਾਨ ਮੁੱਖ ਮੰਤਰੀ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਐਵਾਰਡ
ਕਪੂਰਥਲਾ, 24 ਫਰਵਰੀ (ਵਿਸ਼ਵ ਵਾਰਤਾ):- ਬਿਹਤਰੀਨ ਮਾਹੌਲ ਸਿਰਜਕੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਵਪਾਰਕ ਅਦਾਰਿਆਂ ਦੀ ਸਥਾਪਨਾ ਤੇ ਹੋਰ ਲੋੜੀਂਦੀਆਂ ਮਨਜ਼ੂਰੀਆਂ ਸਮੇਂ ਸਿਰ ਦੇ ਕੇ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਕੇ ਕਪੂਰਥਲਾ ਜ਼ਿਲ੍ਹੇ ਨੇ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ‘ ਪ੍ਰੋਗਰੈਸਿਵ ਪੰਜਾਬ ਨਿਵੇਸ਼ ਸੰਮੇਲਨ 2023’ ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੂੰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ।
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਸਾਲ 2022 ਦੌਰਾਨ ਮੋਬਾਇਲ ਟਾਵਰ, ਆਰ.ਟੀ.ਬੀ. ਐਪਲੀਕੇਸ਼ਨਾਂ , ਫਿਲਮਾਂ ਦੀ ਸ਼ੂਟਿੰਗ, ਯੂਨਿਟਾਂ ਦੀ ਸਥਾਪਨਾ ਤੇ ਵਾਧੇ ਲਈ ਸਿੰਗਲ ਵਿੰਡੋ ਰਾਹੀਂ ਇਕ ਦਿਨ ਵਿਚ ਹੀ ਮਨਜ਼ੂਰੀ ਦਿੱਤੀ ਜਾਂਦੀ ਰਹੀ, ਜਿਸ ਨਾਲ ਨਿਵੇਸ਼ ਨੂੰ ਹੁਲਾਰਾ ਮਿਲਿਆ।
ਪੰਜਾਬ ਸਰਕਾਰ ਵਲੋਂ 23 ਤੇ 24 ਫਰਵਰੀ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜਨਸ ਵਿਖੇ ਕਰਵਾਏ ਜਾ ਰਹੇ ਪ੍ਰੋਗਰੈਸਿਵ ਪੰਜਾਬ ਸੰਮੇਲਨ 2023 ਦੇ ਵੈਲੇਡਿਕਟਰੀ ਸੈਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਪਾਸੋਂ ਇਹ ਅਵਾਰਡ ਪ੍ਰਾਪਤ ਕੀਤਾ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵਲੋਂ ਜਿਲ੍ਹੇ ਦੀ ਇਸ ਐਵਾਰਡ ਲਈ ਚੋਣ ’ਤੇ ਜਿੱਥੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ ਉੱਥੇ ਹੀ ਕਿਹਾ ਕਿ ਇਸ ਨਾਲ ਜਿਲ੍ਹਾ ਪ੍ਰਸ਼ਾਸ਼ਨ ਨੂੰ ਨਿਵੇਸ਼ ਨੂੰ ਪ੍ਰਫੁੱਲਿਤ ਕਰਨ ਲਈ ਹੋਰ ਪ੍ਰੇਰਨਾ ਮਿਲੇਗੀ।
ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੋਰ ਅਸਰਦਾਰ ਢੰਗ ਨਾਲ ਕੰਮ ਕਰਨ ਲਈ ਵਚਨਬੱਧ ਹੈ।