ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਲਈ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: ਮੁੱਖ ਸਕੱਤਰ
45735 ਅਸਾਮੀਆਂ ਲਈ ਇਸ਼ਤਿਹਾਰ ਜਾਰੀ, 9311 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਚੰਡੀਗੜ, 13 ਜੁਲਾਈ: ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੱਲ ਰਹੀ ਭਰਤੀ ਮੁਹਿੰਮ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।
ਉਨਾਂ ਨੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਵੀ ਮੰਗੇ ਤਾਂ ਜੋ ਇਨਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ।
ਇੱਥੇ ਰਾਜ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਿੱਧੀ ਭਰਤੀ ਦੇ ਕੋਟੇ ਦੀ ਸ਼ੇ੍ਰਣੀ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ ਦਿੱਤੇ ਜਾਣ ਤਾਂ ਜੋ ਸਰਕਾਰੀ ਵਿਭਾਗਾਂ ਵਿਚ ਇਕ ਲੱਖ ਨੌਜਵਾਨਾਂ ਦੀ ਭਰਤੀ ਲਈ ਰਾਜ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ।
‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਭਰਤੀ ਕਰਨ ਸਬੰਧੀ ਰਾਜ ਰੋਜ਼ਗਾਰ ਯੋਜਨਾ ਨੂੰ 14 ਅਕਤੂਬਰ, 2020 ਨੂੰ ਮਨਜ਼ੂਰੀ ਦੇਣ ਦੇ ਨਾਲ ਨਾਲ 61,336 ਅਸਾਮੀਆਂ ਨੂੰ ਭਰਨ ਦੀ ਵੀ ਸਹਿਮਤੀ ਦਿੱਤੀ ਸੀ। ਉਦੋਂ ਤੋਂ ਹੁਣ ਤੱਕ ਲਗਭਗ 45,735 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ ਜਿਨਾਂ ਵਿੱਚੋਂ ਜ਼ਿਆਦਾਤਰ ਇਸ ਵੇਲੇ ਭਰਤੀ ਪ੍ਰਕਿਰਿਆ ਅਧੀਨ ਹਨ, ਜਦੋਂ ਕਿ 1 ਅਪ੍ਰੈਲ, 2020 ਤੋਂ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ 9,311 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਰੁੱਪ-ਡੀ ਨੂੰ ਛੱਡ ਕੇ ਸਾਰੇ ਕਰਮਚਾਰੀਆਂ ਦੀ ਏ.ਸੀ.ਆਰ. ਨੂੰ ਆਈ.ਐਚ.ਆਰ.ਐਮ.ਐਸ. ਪੋਰਟਲ ਜ਼ਰੀਏ ਆਨਲਾਈਨ ਭਰੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਫਿਜ਼ੀਕਲ ਤੌਰ ’ਤੇ ਏ.ਸੀ.ਆਰ. ਭਰਨ ਦੀ ਪੁਰਾਣੀ ਰੀਤ ਨੂੰ ਬਦਲਿਆ ਜਾਵੇ।