– ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਡੇਅਰੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਸ਼ੁਰੂ ਕਰਨ ਦੀ ਲੋੜ ‘ਤੇ ਜ਼ੋਰ
– ਪਿੰਡ ਗੀਗੇਮਾਜਰਾ ਵਿਖੇ ਖੋਲੀ ਜਾਵੇਗੀ ਪਸ਼ੂ ਡਿਸਪੈਂਸਰੀ
– ਪਸ਼ੂ ਪਾਲਣ, ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਗੀਗੇਮਾਜਰਾ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਸਨਮਾਨ
ਐਸ.ਏ.ਐਸ.ਨਗਰ, 09 ਜੁਲਾਈ (ਵਿਸ਼ਵ ਵਾਰਤਾ) – ਦਿਨ ਪ੍ਰਤੀ ਦਿਨ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ ਲਾਹੇਵੰਦ ਧੰਦਿਆਂ ਨਾਲ ਹੀ ਪੈ ਸਕਦੀ ਹੈ। ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਲਾਹੇਵੰਦ ਸਹਾਇਕ ਧੰਦਿਆਂ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਸਿਖਲਾਈ ਉਪਰੰਤ ਸਵੈਰੁਜ਼ਗਾਰ ਧੰਦੇ ਸ਼ੁਰੂ ਕਰ ਕੇ ਰੁਜ਼ਗਾਰ ਦੇ ਕਾਬਿਲ ਬਣ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਨੇ ਪਿੰਡ ਗੀਗੇਮਾਜਰਾ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦੇ ਕੈਬਨਿਟ ਮੰਤਰੀ ਬਨਣ ਦੀ ਖੁਸ਼ੀ ਵਿਚ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪਿੰਡ ਨਿਵਾਸੀਆਂ ਵੱਲੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵੀ ਪੁਆਏ ਗਏ।
ਸ੍ਰ: ਸਿੱਧੂ ਨੇ ਇਸ ਮੌਕੇ ਕਿਹਾ ਕਿ ਉਹ ਹਲਕਾ ਨਿਵਾਸੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਹਲਕੇ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਦੀ ਪਿੰਡ ਪੱਧਰ ‘ਤੇ ਸਿਖਲਾਈ ਦੇ ਕੇ ਉਨ੍ਹਾਂ ਨੂੰ ਘੱਟ ਵਿਆਜ ‘ਤੇ ਆਪਣੇ ਸਹਾਇਕ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਸ੍ਰ: ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਰਿਵਾਇਤੀ ਫਸਲਾਂ ਹੁਣ ਲਾਹੇਵੰਦ ਨਹੀਂ ਰਹੀਆਂ ਕਿਉਂਕਿ ਉਨ੍ਹਾਂ ਤੇ ਖਰਚ ਵੱਧ ਅਤੇ ਆਮਦਨ ਘੱਟ ਆਉਂਦੀ ਹੈ। ਇਸ ਲਈ ਹੁਣ ਸਾਨੂੰ ਬਦਲਵੇਂ ਢੰਗ ਤਰੀਕੇ ਲੱਭਣੇ ਪੈਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਨਾਲ ਨਾਲ ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਕਿਉਂਕਿ ਸਹਾਇਕ ਧੰਦੇ ਸ਼ੁਰੂ ਕਰਨ ਤੋਂ ਬਗੈਰ ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਨਹੀਂ ਹੋ ਸਕਦੀ। ਇਸ ਲਈ ਕਿਸਾਨ ਆਪਣੀ ਆਰਥਿਕਤਾ ਦੀ ਮਜ਼ਬੂਤੀ ਲਈ ਸਹਾਇਕ ਧੰਦੇ ਅਪਣਾਉਣ।
ਸ੍ਰ: ਸਿੱਧੂ ਨੇ ਇਸ ਮੌਕੇ ਪਿੰਡ ਵਾਸੀਆਂ ਦੀ ਮੰਗ ਤੇ ਪਿੰਡ ਵਿੱਚ ਪਸ਼ੂ ਡਿਸਪੈਂਸਰੀ ਖੋਲ੍ਹਣ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਜਲਦੀ ਹੀ ਪਸ਼ੂਆਂ ਦਾ ਡਾਕਟਰ ਆਉਣਾ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਦੂਰ ਦਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦੇਣਗੇ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਇਸ ਮੌਕੇ ਸ.ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਬਾਬਾ ਬਲਵਿੰਦਰ ਸਿੰਘ, ਸਰਪੰਚ ਬਹਾਦਰ ਸਿੰਘ, ਗੁਰਚਰਨ ਸਿੰਘ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਕੁਲਵੰਤ ਸਿੰਘ ਫੌਜੀ, ਹੁਕਮ ਸਿੰਘ ਨੰਬਰਦਾਰ, ਮਾਸਟਰ ਲਾਭ ਸਿੰਘ, ਸੇਵਾ ਸਿੰਘ, ਮਾਸਟਰ ਗਿਆਨ ਸਿੰਘ, ਮਾਮ ਸਿੰਘ ਪੰਚ, ਅਵਤਾਰ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਕੁਲਬੀਰ ਚੰਦ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਫੋਟੋ ਕੈਪਸ਼ਨ: ਪਿੰਡ ਗੀਗੇਮਾਜਰਾ ਵਿਖੇ ਇਲਾਕਾ ਨਿਵਾਸੀ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਦਾ ਸਨਮਾਨ ਕਰਦੇ ਹੋਏ।