ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋਣ ਖ਼ਬਰ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿੱਚ 4 ਤੋਂ 5 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹਨ, ਜਦਕਿ ਲਗਭਗ ਇੱਕ ਦਰਜਨ ਹੋਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਰਾਹਤ ਕਾਰਜਾਂ ਲਈ ਕਰੀਬ ਇੱਕ ਦਰਜਨ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਦੇ ਡਰਾਈਵਰ ਵੱਲੋਂ ਮੋਟਰਸਾਈਕਲ ਸਵਾਰ ਜੋੜੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸੇ ਤੋਂ ਆ ਰਹੀ ਬੱਸ ਬੇਕਾਬੂ ਹੋ ਕੇ ਦੂਜੇ ਪਾਸੇ ਚਲੀ ਗਈ ਅਤੇ ਸਾਹਮਣੇ ਤੋਂ ਮੋਗਾ ਵਾਲੇ ਪਾਸੇ ਤੋਂ ਆ ਰਹੀ ਦੂਜੀ ਬੱਸ ਨਾਲ ਜਾ ਟਕਰਾਈ। ਇਸ ਹਾਦਸੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕੀਤੀ ਹੈ।
























