ਪਟਿਆਲਾ ਕਮਿਸ਼ਨਰ ਚੰਦਰ ਗੈਂਦ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਕਿਸਾਨ ਮੇਲਾ
ਕਿਸਾਨਾਂ ਨੂੰ ਸਿਖਾਇਆ ਅੱਧਾ ਪਾਣੀ ਬਚਾ ਕੇ ਕਿਵੇਂ ਹੋ ਸਕਦੀ ਹੈ ਝੋਨੇ ਦੀ ਖੇਤੀ
ਲੁਧਿਆਣਾ,9 ਅਪ੍ਰੈਲ (ਵਿਸ਼ਵ ਵਾਰਤਾ) – ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਅੱਜ ਲੁਧਿਆਣਾ ਵਿਖੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ ਗਈ । ਇਸ ਦੌਰਾਨ ਉਹਨਾਂ ਨੇ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆ ਆਧੁਨਿਕ ਤਕਨੀਕਾਂ ਰਾਹੀਂ ਖੇਤੀਬਾੜੀ ਕਰਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ । ਇਸ ਦੌਰਾਨ ਉਹਨਾਂ ਨੇ ਝੋਨੇ ਦੀ ਕਾਸ਼ਤ ਦੌਰਾਨ ਪਾਣੀ ਦੀ ਬੱਚਤ ਕਰਨ ਦੇ ਤਰੀਕਿਆਂ ਦੇ ਨਾਲ ਨਾਲ ਰਿਜ ਫਾਰਮਿੰਗ ਅਤੇ ਝੋਨੇ ਦੀ ਸਿੱਧੀ ਬਿਜਾਈ ਜਿਸ ਰਾਹੀਂ ਝਾੜ ਵਿੱਚ ਵਾਧਾ ਅਤੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕੀਤਾ ਜਾ ਸਕਦਾ ਹੈ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਵਿਆਪਕ ਜਾਗਰੂਕਤਾ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ ਤਾਂ ਜੋ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪ੍ਰੋਜੈਕਟਾਂ ਵਿੱਚ ਆਮ ਕਿਸਾਨਾਂ ਦੀ ਭਾਗੀਦਾਰੀ ਵਿੱਚ ਵਾਧਾ ਹੋ ਸਕੇ।
























