ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਲਿਫ਼ਟਿੰਗ ਵੀ ਤੇਜ਼ ਕਰਨ ਦੀ ਹਦਾਇਤ
ਪਟਿਆਲਾ, 2 ਨਵੰਬਰ(ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਖਰੀਦ ਏਜੰਸੀਆਂ ਨਾਲ ਆਨ ਲਾਈਨ ਮੀਟਿੰਗ ਕਰਕੇ ਹੁਣ ਤੱਕ ਕੀਤੀ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੈ ਤੇ ਖਰੀਦੇ ਝੋਨੇ ਦੀ ਲਿਫ਼ਟਿੰਗ ਵਿੱਚ ਵੀ ਤੇਜ਼ੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਖੁਦ ਮੰਡੀਆਂ ਵਿੱਚ ਜਾ ਕੇ ਪ੍ਰਬੰਧਾਂ ਦੀ ਨਜ਼ਰਸਾਨੀ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 107 ਖਰੀਦ ਕੇਂਦਰਾਂ ਵਿਚੋਂ ਪਿਛਲੇ ਦਿਨ ਤੱਕ 10 ਲੱਖ 58 ਹਜ਼ਾਰ 761 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 10 ਲੱਖ 54 ਹਜ਼ਾਰ 853 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 420344 ਮੀਟਰਿਕ ਟਨ, ਮਾਰਕਫੈਡ ਵੱਲੋਂ 260941 ਮੀਟਰਿਕ ਟਨ, ਪਨਸਪ ਵੱਲੋਂ 234851 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 138142 ਅਤੇ ਐਫ.ਸੀ.ਆਈ. ਵੱਲੋਂ 344 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ 231 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ 876945 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕਰਵਾਈ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 1987.85 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਫਸਲਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।























