ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਜ਼ਮੀਨ ਮਾਲਕਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ
ਨਵਾਂਸ਼ਹਿਰ, 31 ਅਕਤੂਬਰ(ਵਿਸ਼ਵ ਵਾਰਤਾ)-ਕਿਸਾਨਾਂ ਵੱਲੋਂ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ ਲਈ ਕਿਹਾ ਹੈ।
ਪਿਛਲੇ ਦਿਨਾਂ ਵਿੱਚ ਆਪਣੇ ਫ਼ੀਲਡ ਦੌਰੇ ਦੌਰਾਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਤਿੰਨ ਘਟਨਾਵਾਂ ਨੂੰ ਖੁਦ ਫੜਨ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ‘ਸੈਟੇਲਾਈਟ ਇਮੇਜਿੰਗ’ ਅਜਿਹੀਆਂ ਘਟਨਾਵਾਂ ਦੀ ਰਿਪੋਰਟ ਕਰ ਰਹੀ ਹੈ। ਇਨ੍ਹਾਂ ਘਟਨਾਵਾਂ ਨੂੰ ਅਸਰਦਾਰ ਢੰਗ ਨਾਲ ਰੋਕਣ ਲਈ, ਅਸੀਂ ਹੁਣ ਨੰਬਰਦਾਰਾਂ ਦੀਆਂ ਸੇਵਾਵਾਂ ਦੀ ਵਰਤੋਂ ਕਰਾਂਗੇ ਜੋ ਜ਼ਮੀਨੀ ਰਿਕਾਰਡ ਨਾਲ ਸਬੰਧਤ ਕਈ ਕੰਮਾਂ ਲਈ ਮਾਲ ਵਿਭਾਗ ਨਾਲ ਜੁੜੇ ਹੋਏ ਹਨ।
ਮੁੱਖ ਸਕੱਤਰ ਪੰਜਾਬ ਵੱਲੋਂ ਆਨਲਾਈਨ ਸਮੀਖਿਆ ਮੀਟਿੰਗ ਦੌਰਾਨ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਣ ਵਾਲੀ ਕਾਰਵਾਈ ਤੋਂ ਕਿਸਾਨਾਂ ਨੂੰ ਇਕ ਵਾਰ ਫਿਰ ਖ਼ਬਰਦਾਰ ਕਰਦਿਆਂ, ਉਨ੍ਹਾਂ ਕਿਹਾ ਕਿ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਅਸਲਾ ਲਾਇਸੈਂਸ, ਪਾਸਪੋਰਟ ਅਤੇ ਡਰਾਈਵਿੰਗ ਲਾਇਸੈਂਸ ਦੇ ਨਵੀਨੀਕਰਨ ਵਰਗੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਜਾਂ ਸਰਕਾਰ ਦੁਆਰਾ ਐਲਾਨੇ ਗਏ ਕਿਸੇ ਹੋਰ ਲਾਭ ਤੋਂ ਵੀ ਵਾਂਝੇ ਰਹਿਣਾ ਪਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਅਜਿਹੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਵੀ ਰੈੱਡ ਐਂਟਰੀ ਕੀਤੀ ਜਾਵੇਗੀ ਜੋ ਬੈਂਕਾਂ ਨਾਲ ਫਸਲੀ ਹੱਦ ਕਰਜ਼ੇ ਦੇ ਨਵੀਨੀਕਰਨ ਅਤੇ ਜ਼ਮੀਨ ਦੀ ਵਿਕਰੀ ਵਿੱਚ ਮੁਸ਼ਕਲਾਂ ਪੈਦਾ ਕਰਨਗੇ।