ਲਖੀਮਪੁਰ ਕਾਂਡ ‘ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ
ਪਹਿਲਾਂ ਦੇਸ਼ ਵਿੱਚ ਲੋਕਤੰਤਰ ਹੁੰਦਾ ਸੀ,ਹੁਣ ਤਾਨਾਸ਼ਾਹੀ ਚੱਲ ਰਹੀ ਹੈ-ਰਾਹੁਲ ਗਾਂਧੀ

ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਲਖੀਮਪੁਰ ਹਿੰਸਾ ਮਾਮਲੇ ਨੂੰ ਲੈ ਕੇ ਸਿਆਸਤ ਲਗਾਤਾਰ ਭਖਦੀ ਨਜ਼ਰ ਆ ਰਹੀ ਹੈ। ਜਿੱਥੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੂੰ ਪਿਛਲੇ 50 ਤੋਂ ਵੀ ਵੱਧ ਘੰਟਿਆਂ ਤੋਂ ਹਿਰਾਸਤ ਵਿੱਚ ਲਿਆ ਹੋਇਆ ਹੈ,ਉੱਥੇ ਹੀ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਵਫਦ ਲਗਾਤਾਰ ਲਖੀਮਪੁਰ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ “ਪਹਿਲਾਂ ਲੋਕਤੰਤਰ ਹੁੰਦਾ ਸੀ, ਹੁਣ ਭਾਰਤ ਵਿੱਚ ਤਾਨਾਸ਼ਾਹੀ ਹੈ। ਸਿਆਸਤਦਾਨ ਉੱਤਰ ਪ੍ਰਦੇਸ਼ ਨਹੀਂ ਜਾ ਸਕਦੇ। ਸਾਨੂੰ ਕੱਲ੍ਹ ਤੋਂ ਦੱਸਿਆ ਜਾ ਰਿਹਾ ਹੈ ਕਿ ਅਸੀਂ ਉੱਤਰ ਪ੍ਰਦੇਸ਼ ਨਹੀਂ ਜਾ ਸਕਦੇ।” ਇਸ ਪ੍ਰੈੱਸ ਕਾਨਫਰੰਸ ਵਿੱਚ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਜਰ ਸਨ ।
ਦੱਸ ਦਈਏ ਕਿ ਲਖੀਮਪੁਰ ਖੇੜੀ ਵਿੱਚ ਐਤਵਾਰ ਨੂੰ ਹੋਈ ਹਿੰਸਾ ਵਿੱਚ ਮਾਰੇ ਗਏ ਅੱਠਾਂ ਵਿੱਚੋਂ ਚਾਰ ਕਿਸਾਨ ਸਨ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਸਵਾਗਤ ਲਈ ਯਾਤਰਾ ਕਰ ਰਹੇ ਭਾਜਪਾ ਵਰਕਰਾਂ ਦੁਆਰਾ ਚਲਾਏ ਗਏ ਵਾਹਨਾਂ ਦੁਆਰਾ ਖੇਤਰ ਵਿੱਚ ਇੱਕ ਸਮਾਗਮ ਵਿੱਚ ਮਾਰਿਆ ਗਿਆ ਸੀ।
ਗਾਂਧੀ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਇੱਕ ਕੇਂਦਰੀ ਮੰਤਰੀ ਅਤੇ ਉਸਦੇ ਬੇਟੇ ਦਾ ਨਾਮ ਸਾਹਮਣੇ ਆ ਰਿਹਾ ਹੈ, ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਨੇ ਦੋਸ਼ ਲਾਇਆ ਕਿ ਦੇਸ਼ ਦੇ ਕਿਸਾਨਾਂ ‘ਤੇ ਯੋਜਨਾਬੱਧ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ। ਕਿਸੇ ਨੂੰ ਵੀ ਖੇੜੀ ਹਿੰਸਾ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਪੰਜਾਬ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਲਖੀਮਪੁਰ ਖੇੜੀ ਜਾਣਗੇ।
ਇਸ ਦੌਰਾਨ ਲਖਨਊ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਗਾਂਧੀ ਨੂੰ ਦੌਰੇ ਦੀ ਇਜਾਜ਼ਤ ਨਹੀਂ ਦਿੱਤੀ ਹੈ ,ਉਨ੍ਹਾਂ ਨੂੰ ਸੀਤਾਪੁਰ ਜਾਂ ਲਖੀਮਪੁਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।






















