ਪਹਿਲਾ ਨਗਰ ਕੀਰਤਨ ਪਿੰਡ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਪਹੁੰਚਿਆ
ਪਿੰਡਾਂ ਵਿੱਚ ਥਾਂ ਥਾਂ ਸੰਗਤਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ
ਬਾਬੇ ਨਾਨਕ ਦੇ ਸਿਧਾਂਤ ਨੂੰ ਮੰਨਣ ਵਾਲੇ ਕਿਸਾਨਾਂ ਨੇ ਪਰਾਲੀ ਨੂੰ ਨਹੀਂ ਲਾਈ ਅੱਗ:- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 15 ਨਵੰਬਰ (ਵਿਸ਼ਵ ਵਾਰਤਾ):-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਮਹਾਨ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਪ੍ਰਕਾਸ਼ ਪਵਿੱਤਰ ਕਾਲੀ ਵੇਈਂ ਨਿਰਮਲ ਕੁਟੀਆ ਪਹੁੰਚਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਸਵੇਰੇ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਪਿੰਡ ਮਾਲਾ, ਸੋਹਲ ਖਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾਂ, ਮਨਿਆਲਾ, ਤੋਤੀ, ਨਸੀਰੇਵਾਲ, ਮੁਹੱਬਲੀਪੁਰ, ਫੌਜੀ ਕਲੌਨੀ, ਝੱਲ ਲੇਈਵਾਲ, ਰਣਧੀਰਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪਵਿੱਤਰ ਵੇਈਂ ਦੇ ਕੰਢੇ-ਕੰਢੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚਿਆ। ਇਸ ਨਗਰ ਕੀਰਤਨ ਵਿਚ ਸੰਤ ਲੀਡਰ ਸਿੰਘ ਸੈਫਲਾਬਾਦ, ਸੰਤ ਅਮਰੀਕ ਸਿੰਘ ਖੁਖਰੈਣ, ਸੰਤ ਗੁਰਮੇਜ਼ ਸਿੰਘ ਸੈਦਰਾਣਾ ਸਾਹਿਬ, ਸੰਤ ਪ੍ਰਗਟ ਨਾਥ ਅਤੇ ਸੰਤ ਬਲਬੀਰ ਸਿੰਘ ਜਿਆਣ (ਰੱਬ ਜੀ) ਆਦਿ ਮਹਾਂਪੁਰਸ਼ਾ ਤੇ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਬਾਬੇ ਨਾਨਕ ਦੀ ਬਾਣੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿੱਚ ਖੂਬਸੂਰਤੀ ਇਹ ਰਹੀ ਕਿ ਇਸ ਨਗਰ ਕੀਰਤਨ ਵਿੱਚ ਜਿੱਥੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਰਿਹਾ ਸੀ ਉੱਥੇ ਹੀ ਵਾਤਾਵਰਣ ਨੂੰ ਬਚਾਉਣ ਲਈ ਤੇ ਹਵਾ, ਪਾਣੀ ਤੇ ਧਰਤੀ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ ਜਾ ਰਿਹਾ ਸੀ।
ਸਾਰੇ ਨਗਰ ਕੀਰਤਨ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਤੇ ਕਾਦਰ ਦੀ ਕੁਦਰਤ ਨਾਲ ਇਕਮਿਕ ਹੋਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੇ ਸਿਧਾਂਤ ਨੂੰ ਮੰਨਣ ਵਾਲੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਾਈ। ਉਹਨਾਂ ਪਰਾਲੀ ਨੂੰ ਅੱਗਾਂ ਨਾ ਲਗਾਉਣ ਵਾਲੇ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਕੁਦਰਤ ਨਾਲ ਮਨੁੱਖ ਦੀ ਸਾਂਝ ਨੂੰ ਪਕੇਰੀ ਕਰਦੀ ਹੈ। ਵਾਤਾਵਰਣ ਪੱਖੋਂ ਪੰਜਾਬ ਬੜੇ ਨਾਜ਼ੁਕ ਦੌਰ ਵਿੱਚੋਂ ਨਿਕਲ ਰਿਹਾ ਹੈ ਇਸ ਦੇ ਪਾਣੀ ਗੰਦੇ ਤੇ ਜ਼ਹਿਰੀਲੇ ਹੋ ਗਏ ਹਨ। ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਨਗਰ ਕੀਰਤਨ ਦੌਰਾਨ ਸੰਤ ਸੀਚੇਵਾਲ ਜੀ ਨੇ ਦੱਸਿਆ ਕਿ ਦੂਜਾ ਨਗਰ ਕੀਰਤਨ 17 ਨਵੰਬਰ 2021 ਨੂੰ ਅਤੇ ਤੀਜਾ ਨਗਰ ਕੀਰਤਨ 19 ਨਵੰਬਰ 2021 ਨੂੰ ਸਜਾਏ ਜਾਣਗੇ। 18 ਨਵੰਬਰ ਨੂੰ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਪਵਿੱਤਰ ਵੇਈਂ ਸੁਲਤਾਨਪੁਰ ਲੋਧੀ ਵਿਖੇ ਕੀਰਤਨ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ ਅਤੇ ਗੁਰਪੁਰਬ ਵਾਲੇ ਦਿਨ ਸੰਗਤਾਂ ਵੱਲੋਂ ਸ਼ਾਮ ਨੂੰ ਪਵਿੱਤਰ ਕਾਲੀ ਵੇਈਂ ਕਿਨਾਰੇ ਦੀਪਮਾਲਾ ਕੀਤੀ ਜਾਵੇਗੀ।
ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਤੇ ਸੰਗਤਾਂ ਲਈ ਲੰਗਰ ਪਾਣੀ ਦਾ ਪ੍ਰਬੰਧ ਕੀਤਾ ਗਿਆ। ਸੰਤ ਅਵਤਾਰ ਸਿੰਘ ਗੱਤਕਾ ਅਖਾੜਾ ਸੀਚੇਵਾਲ ਟੀਮ ਦੀ ਕੋਚ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਬੱਚਿਆ ਵੱਲੋਂ ਨਗਰ ਕੀਰਤਨ ਦੇ ਅੱਗੇ ਅੱਗੇ ਗੱਤਕੇ ਦੇ ਜ਼ੌਹਰ ਦਿਖਾਏ ਗਏ।






















