ਪਾਕਿਸਤਾਨ – ਲਹਿੰਦੇ ਪੰਜਾਬ ਵਿੱਚ ਸਿੱਖ ਮੈਰਿਜ ਐਕਟ ਲਾਗੂ
ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)- ਪਾਕਿਸਤਾਨ ਦੀ ਪੰਜਾਬ ਸੂਬਾ ਸਰਕਾਰ ਨੇ ਮੰਗਲਵਾਰ ਨੂੰ ਸਿੱਖ ਮੈਰਿਜ ਐਕਟ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸਿੱਖਾਂ ਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋੜੇ ਅਪਣੇ ਵਿਆਹ ਅਤੇ ਤਲਾਕ ਨੂੰ ਰਜਿਸਟਰ ਕਰ ਸਕਣਗੇ।ਪੰਜਾਬ ਦੇ ਪਹਿਲੇ ਘੱਟ ਗਿਣਤੀ ਅਤੇ ਮਨੁੱਖੀ ਅਧਿਕਾਰ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਇਸ ਦਿਨ ਨੂੰ ਸਿੱਖਾਂ ਲਈ ਇਤਿਹਾਸਕ ਦਿਨ ਦੱਸਿਆ। ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਸਿੱਖ ਮੈਰਿਜ ਐਕਟ ਲਾਗੂ ਕਰਨ ਵਾਲਾ ਦੁਨੀਆਂ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਅਤੇ ਦੇਸ਼ਾਂ ਤੋਂ ਸਿੱਖ ਅਪਣੇ ਵਿਆਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਪੰਜਾਬ ਆ ਸਕਦੇ ਹਨ। ਅਰੋੜਾ ਨੇ ਕਿਹਾ ਕਿ ਕੁੱਝ ਮਹੀਨਿਆਂ ’ਚ ਹਿੰਦੂ ਮੈਰਿਜ ਐਕਟ ਨੂੰ ਵੀ ਕੈਬਨਿਟ ਦੀ ਮਨਜ਼ੂਰੀ ਲਈ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਹ 2017 ਤੋਂ ਸਿੱਖ ਐਕਟ ਨੂੰ ਮਨਜ਼ੂਰੀ ਦਿਵਾਉਣ ਲਈ ਯਤਨਸ਼ੀਲ ਹਨ। ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬਾਈ ਕੈਬਨਿਟ ਨੇ ਪੰਜਾਬ ਸਿੱਖ ਆਨੰਦ ਕਾਰਜ ਮੈਰਿਜ ਰਜਿਸਟਰਾਰ ਅਤੇ ਮੈਰਿਜ ਰੂਲਜ਼ 2024 ਨੂੰ ਪ੍ਰਵਾਨਗੀ ਦੇ ਦਿੱਤੀ ਹੈ।