ਪਾਰਟੀ ਵਿਰੋਧੀ ਗਤਿਵਿਧੀਆਂ ਨੂੰ ਲੈ ਕੇ ਤਲਬ ਕੀਤੇ ਗਏ ਅਕਾਲੀ ਆਗੂ ਜਗਮੀਤ ਅੱਜ ਅਨੁਸ਼ਾਸਨੀ ਕਮੇਟੀ ਸਾਹਮਣੇ ਰੱਖਣਗੇ ਆਪਣਾ ਪੱਖ
ਚੰਡੀਗੜ੍ਹ 10 ਦਸੰਬਰ(ਵਿਸ਼ਵ ਵਾਰਤਾ)- ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਗਲਤ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਤਲਬ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣਗੇ। ਉਨ੍ਹਾਂ ਨੇ ਅੱਜ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਕਮੇਟੀ ਅੱਗੇ ਆਪਣਾ ਪੱਖ ਪੇਸ਼ ਕਰਨਾ ਹੈ।
ਹਾਲਾਂਕਿ ਬਰਾੜ ਦੀ ਪੇਸ਼ੀ ਨੂੰ ਲੈ ਕੇ ਅਜੇ ਵੀ ਸ਼ੰਕਾ ਬਣੀ ਹੋਈ ਹੈ। ਕਿਉਂਕਿ ਪਹਿਲਾਂ ਉਨ੍ਹਾਂ ਨੇ 6 ਦਸੰਬਰ ਨੂੰ ਪੇਸ਼ ਹੋਣਾ ਸੀ ਪਰ ਬਰਾੜ ਨੇ 10 ਦਸੰਬਰ ਦੀ ਮੁਲਾਕਾਤ ਦਾ ਸਮਾਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਫਿਰ ਉਨ੍ਹਾਂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।ਜਗਮੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਉਹ ਆਮ ਵਰਕਰ ਵਜੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਅਕਾਲੀ ਦਲ ਵਿੱਚ ਲੀਡਰਸ਼ਿਪ ਤਬਦੀਲੀ ਦੀ ਮੰਗ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ ਹੈ। ਬਰਾੜ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਨ੍ਹਾਂ ਨੂੰ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਦੇ ਹੁਕਮ ਦਿੱਤੇ ਹਨ।
https://punjabi.wishavwarta.in/?p=233727