ਪੁਲਿਸ ਪ੍ਰਸ਼ਾਸਨ ਵੱਲੋਂ ਹਿੰਦੂ ਆਗੂਆਂ ਅਤੇ ਸਿਆਸੀ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਸ਼ੁਰੂ
ਡੀਜੀਪੀ ਗੌਰਵ ਯਾਦਵ ਵੱਲੋਂ ਵਿਸ਼ੇਸ਼ ਕਮੇਟੀ ਦਾ ਗਠਨ
ਚੰਡੀਗੜ੍ਹ, 6 ਨਵੰਬਰ(ਵਿਸ਼ਵ ਵਾਰਤਾ)-ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਦਿਨ-ਦਿਹਾੜੇ ਹੋਏ ਕਤਲ ਅਤੇ ਗੈਂਗਸਟਰਾਂ ਅਤੇ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸੂਬੇ ਵਿੱਚ ਹਿੰਦੂ ਆਗੂਆਂ ਅਤੇ ਸਿਆਸੀ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ, ਜੋ ਉਨ੍ਹਾਂ ਨੇਤਾਵਾਂ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ, ਜਿਨ੍ਹਾਂ ਨੂੰ ਵੱਖ-ਵੱਖ ਸੰਗਠਨਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਮੇਟੀ ਇਸ ਹਫ਼ਤੇ ਡੀਜੀਪੀ ਨੂੰ ਆਪਣੀ ਰਿਪੋਰਟ ਸੌਂਪੇਗੀ, ਜਿਸ ਤੋਂ ਬਾਅਦ ਆਗੂਆਂ ਨੂੰ ਵੱਖ-ਵੱਖ ਸ਼੍ਰੇਣੀਆਂ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਸੁਰੱਖਿਆ ਹਾਸਲ ਕਰ ਰਹੇ ਆਗੂਆਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਡੀਜੀਪੀ ਪੰਜਾਬ ਨੇ ਸੂਬੇ ਦੇ 16 ਹਿੰਦੂ ਨੇਤਾਵਾਂ ਦੇ ਨਾਲ-ਨਾਲ 25 ਵੀਵੀਆਈਪੀ ਨੇਤਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦਾ ਕੰਮ ਇਕ ਵਿਸ਼ੇਸ਼ ਕਮੇਟੀ ਨੂੰ ਸੌਂਪਿਆ ਹੈ। ਕਮੇਟੀ ਇਨ੍ਹਾਂ ਸਾਰੇ ਆਗੂਆਂ ਨੂੰ ਸੂਬੇ ਦੇ ਅੰਦਰ ਅਤੇ ਵਿਦੇਸ਼ਾਂ ਵਿਚ ਲੁਕੇ ਅਪਰਾਧੀਆਂ ਵੱਲੋਂ ਧਮਕੀਆਂ ਦੇਣ ਵਾਲੀਆਂ ਕਾਲਾਂ ਦੀ ਜਾਂਚ ਕਰੇਗੀ ਅਤੇ ਇਸ ਸਬੰਧੀ ਇੰਟੈਲੀਜੈਂਸ ਵਿੰਗ ਤੋਂ ਜਾਣਕਾਰੀ ਵੀ ਲਵੇਗੀ। ਹਿੰਦੂ ਨੇਤਾਵਾਂ ਤੋਂ ਇਲਾਵਾ ਸਿਆਸੀ ਨੇਤਾਵਾਂ ਤੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਦੇ ਮੌਜੂਦਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਹੋਵੇਗੀ।























