ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸੂਬਾ ਪੱਧਰੀ ਜੈਵਿਕ ਵਿਭਿੰਨਤਾ ਬਾਰੇ ਵੈਬੀਨਾਰ ਕੱਲ੍ਹ (24 ਮਈ) ਨੂੰ
ਵੈਬੀਨਾਰ ’ਚ ਡਾਇਰੈਕਟਰ ਪੇਂਡੂ ਵਿਕਾਸ ਲੈਣਗੇ ਵਿਸ਼ੇਸ਼ ਤੌਰ ’ਤੇ ਭਾਗ
ਸਰਪੰਚਾਂ ਤੇ ਕੌਂਸਲਰਾਂ ਨੂੰ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਬਾਰੇ ਕਰਵਾਇਆ ਜਾਵੇਗਾ ਜਾਣੂ- ਭੁੱਲਰ

ਕਪੂਰਥਲਾ 23 ਮਈ (ਵਿਸ਼ਵ ਵਾਰਤਾ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਜਾਬ ਬਾਇਓ ਡਾਇਵਰਸਿਟੀ ਬੋਰਡ ਦੇ ਸਹਿਯੋਗ ਨਾਲ ਜੈਵਿਕ ਵਿਭਿੰਨਤਾ ਦਿਵਸ ਸਬੰਧੀ ਇਕ ਵੈਬੀਨਾਰ 24 ਮਈ ਨੂੰ ਸਵੇਰੇ 11.30 ਵਜੇ ਤੋਂ ਕਰਵਾਇਆ ਜਾ ਰਿਹਾ ਹੈ। ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ.ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਜੈਵਿਕ ਵਿਭਿੰਨਤਾ ਪ੍ਰਬੰਧਨ ਕਮੇਟੀ ਵਲੋਂ ਸੂਬਾ ਪੱਧਰੀ ਵੈਬੀਨਾਰ ਪਿੰਡਾਂ ਦੇ ਸਰਪੰਚਾਂ ਅਤੇ ਸ਼ਹਿਰੀ ਖੇਤਰਾਂ ਦੇ ਕੌਂਸਲਰਾਂ ਨੂੰ ਵੈਬੀਨਾਰ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਵੈਬੀਨਾਰ ਦੌਰਾਨ ਵਿਸ਼ੇਸ਼ ਤੌਰ ’ਤੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਭਾਗ ਲੈਣਗੇ ,ਜਿਸ ਦੌਰਾਨ ਕੁਦਰਤੀ ਸਰੋਤਾਂ ਅਤੇ ਵਿਸ਼ੇਸ਼ ਕਰਕੇ ਪਾਣੀ ਨੂੰ ਪਲੀਤ ਹੋਣ ਤੋਂ ਬਚਾਉਣ ਅਤੇ ਪਸ਼ੂ ਪੰਛੀਆਂ ਦੇ ਵਿਕਾਸ ਲਈ ਢੁਕਵਾਂ ਮਾਹੌਲ ਸਿਰਜਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਵਲੋਂ ਛੱਪੜਾਂ ਦੇ ਨਵੀਨੀਕਰਨ ਰਾਹੀਂ ਪਾਣੀ ਦੀ ਸਾਂਭ ਸੰਭਾਲ ਅਤੇ ਉਸ ਦੀ ਸੁਚੱਜੀ ਵਰਤੋਂ ਬਾਰੇ ਵੀ ਸਰਪੰਚਾਂ ਨੂੰ ਜਾਣੂੰ ਕਰਵਾਇਆ ਜਾਵੇਗਾ।





















