ਚੰਡੀਗੜ੍ਹ, 25 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਜਹਾਜ਼ਰਾਨੀ, ਸੜਕੀ ਆਵਾਜਾਈ ਤੇ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਸੂਬੇ ਵਿੱਚ ਸੜਕਾਂ ਦੇ ਬੁਨਿਅਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ‘ਚ ਤੇਜ਼ ਲਿਆਉਣ ਦੀ ਅਪੀਲ ਕੀਤੀ ਹੈ।
ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦੀ ਇਤਿਹਾਸਕ ਤੇ ਧਾਰਮਿਕ ਮਹਤੱਤਾ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਛੇਤੀ ਅਮਲ ਵਿੱਚ ਲਿਆਉਣ ਲਈ ਸ੍ਰੀ ਗਡਕਰੀ ਦੇ ਨਿੱਜੀ ਦਖਲ ਦੀ ਵੀ ਮੰਗ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਬਿਆਸ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਹੁ-ਮਾਰਗੀ ਕਰਨ ਤੋਂ ਇਲਾਵਾ ਇਸ ਨੂੰ ਕੌਮੀ ਮਾਰਗ ਐਲਾਨਣ ਦੀ ਮੰਗ ਕੀਤੀ। ਉਨ੍ਹਾਂ ਨੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ, ਬਟਾਲਾ, ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਵਿੱਚ ਸੜਕੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਸੈਂਟਰਲ ਰੋਡ ਫੰਡ (ਸੀ.ਆਰ.ਐਫ) ਯੋਜਨਾ ਤਹਿਤ 150 ਕਰੋੜ ਰੁਪਏ ਦੇ ਵਾਧੂ ਫੰਡ ਦੇਣ ਦੀ ਵੀ ਬੇਨਤੀ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਕਪੂਰਥਲਾ-ਸੁਲਤਾਨਪੁਰ ਲੋਧੀ-ਲੋਹੀਆਂ ਰੋਡ (ਐਨ.ਐਚ-703 ਏ) ਨੂੰ ਚਹੁ-ਮਾਰਗੀ ਕਰਨ ਲਈ ਛੇਤੀ ਪ੍ਰਵਾਨਗੀ ਦੇਣ ਦੀ ਵੀ ਮੰਗ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿੱਚ ਤਰਨ ਤਾਰਨ-ਗੋਇੰਦਵਾਲ ਸਾਹਿਬ-ਕਪੂਰਥਲਾ ਸੜਕ ਨੂੰ ਚਾਰ-ਮਾਰਗੀ ਬਣਾਉਣ ਤੋਂ ਇਲਾਵਾ ਇਸ ਸੜਕ ਨੂੰ ਕੌਮੀ ਮਾਰਗ ਐਲਾਨਣ ‘ਤੇ ਜ਼ੋਰ ਦਿੱਤਾ।
ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸੂਬੇ ਵਿੱਚ ਸੜਕੀ ਢਾਂਚੇ ‘ਚ ਸੁਧਾਰ ਕਰਨ ਦੇ ਸਬੰਧ ਵਿੱਚ ਸ੍ਰੀ ਗਡਕਰੀ ਨੂੰ 25 ਨਵੰਬਰ, 2018 ਨੂੰ ਇਕ ਅਰਧ ਸਰਕਾਰੀ ਪੱਤਰ ਵੀ ਲਿਖਿਆ ਸੀ।