ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ
ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ)- 5 ਜਨਵਰੀ ਨੂੰ ਪੰਜਾਬ ਦੌਰੇ ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਹੋਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਦੱਸ ਦਈਏ ਕਿ 5 ਜਨਵਰੀ ਨੂੰ ਫਿਰੋਜ਼ਪੁਰ ‘ਚ ਪੀਐੱਮ ਦੇ ਕਾਫਲੇ ਨੂੰ 15 ਮਿੰਟ ਤੱਕ ਖੜ੍ਹਾ ਰਹਿਣਾ ਪਿਆ ਸੀ। ਜਿਸ ਤੋਂ ਬਾਅਦ ਪੀਐਮ ਮੋਦੀ ਨੇ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਅਤੇ ਦਿੱਲੀ ਪਰਤ ਗਏ ਸਨ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਜਾਂਚ ਲਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਜਿਨ੍ਹਾਂ ਨੇ ਫਲਾਈਓਵਰ ਦੀ ਵੀ ਚੈਕਿੰਗ ਕੀਤੀ। ਹਾਲਾਂਕਿ ਉਸ ਦੀ ਜਾਂਚ ‘ਚ ਕੀ ਸਾਹਮਣੇ ਆਇਆ ਹੈ, ਇਸ ਨੂੰ ਅਜੇ ਜਨਤਕ ਨਹੀਂ ਕੀਤਾ ਗਿਆ ਹੈ। ਜਿਸ ਸਮੇਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਢਿੱਲ ਮੱਠ ਹੋਈ ਸੀ, ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। ਚਰਨਜੀਤ ਚੰਨੀ ਉਸ ਸਰਕਾਰ ਦੇ ਮੁੱਖ ਮੰਤਰੀ ਸਨ। ਜਦੋਂ ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਹਿੱਸਾ ਲੈਣ ਜਾ ਰਹੇ ਸਨ ਤਾਂ ਕਿਸਾਨਾਂ ਨੇ ਹਾਈਵੇਅ ਜਾਮ ਕਰ ਦਿੱਤਾ। ਜਿਸ ਕਾਰਨ ਅਚਾਨਕ ਪੀਐਮ ਦਾ ਕਾਫਲਾ ਫਲਾਈਓਵਰ ‘ਤੇ ਫਸ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਵੀ ਸੀ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਇਸ ਨੂੰ ਸੁਰੱਖਿਆ ਦੀ ਕਮੀ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।