ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਤਰੀਕੇ ਨਾਲ ਬਠਿੰਡਾ ਏਮਜ਼ ਦਾ ਕਰਨਗੇ ਉਦਘਾਟਨ
ਚੰਡੀਗੜ੍ਹ, 25ਫਰਵਰੀ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 25 ਫਰਵਰੀ ਨੂੰ ਦੁਪਹਿਰ 2:00 ਵਜੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਬਠਿੰਡਾ ਦਾ ਵਰਚੂਅਲੀ ਉਦਘਾਟਨ ਕਰਨਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 25 ਨਵੰਬਰ 2016 ਨੂੰ ਏਮਜ਼ ਦਾ ਨੀਂਹ ਪੱਥਰ ਰੱਖਿਆ ਸੀ। ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ,ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਬਠਿੰਡਾ ਵਿਖੇ ਪਹੁੰਚਣਗੇ। ਇਸ ਏਮਜ਼ ਦੇ ਬਣਨ ਨਾਲ ਪੰਜਾਬ ਦੇ ਲੋਕਾਂ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਸਮੇਤ ਵੱਖ ਵੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ।