ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ – ਤਤਕਾਲੀ DGP, DIG ਅਤੇ SSP ‘ਤੇ ਕਾਰਵਾਈ ਦੇ ਹੁਕਮ
ਚੰਡੀਗੜ੍ਹ,21ਮਾਰਚ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਫਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ, ਤਤਕਾਲੀ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੰਜਾਬ ਦੇ ਕਈ ਹੋਰ ਆਈਪੀਐਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 5 ਜਨਵਰੀ 2022 ਨੂੰ ਪੰਜਾਬ ਦੌਰਾ ਸੀ। ਜਿਸ ਦੌਰਾਨ ਫਿਰੋਜ਼ਪੁਰ ਵਿੱਚ ਇੱਕ ਪਿੰਡ ਵਿੱਚ ਪੀਐਮ ਮੋਦੀ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਪੁਲ ’ਤੇ ਰੋਕ ਲਿਆ। ਇਸ ਤੋਂ ਬਾਅਦ ਪੀਐਮ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ ਅਤੇ ਉਹ ਵਾਪਸ ਦਿੱਲੀ ਪਰਤ ਗਏ। ਮਾਮਲਾ ਸੁਪਰੀਮ ਕੋਰਟ ਤੱਕ ਗਿਆ ਅਤੇ ਜਾਂਚ ਕਮੇਟੀ ਬਣਾਈ ਗਈ। ਇਸ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ‘ਚ 5 ਮੈਂਬਰਾਂ ਦੀ ਕਮੇਟੀ ਬਣਾਈ ਸੀ। 6 ਮਹੀਨੇ ਪਹਿਲਾਂ ਪੇਸ਼ ਕੀਤੀ ਗਈ ਜਾਂਚ ਕਮੇਟੀ ਦੀ ਇਸ ਰਿਪੋਰਟ ਵਿੱਚ ਰਾਜ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾਰੀ, ਪੁਲਿਸ ਮੁਖੀ ਐਸ ਚਟੋਪਾਧਿਆਏ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਸੀ। ਇਸ ਰਿਪੋਰਟ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ’ਤੇ ਲਾਪਰਵਾਹੀ ਵਾਲੇ ਰਵੱਈਏ ਦਾ ਦੋਸ਼ ਲਾਇਆ ਗਿਆ ਸੀ ਅਤੇ ਇਸ ਘਟਨਾ ਨੂੰ ਯੋਜਨਾਬੰਦੀ ਅਤੇ ਤਾਲਮੇਲ ਵਿੱਚ ਵੱਡੀ ਅਸਫਲਤਾ ਦੱਸਿਆ ਗਿਆ ਸੀ।























