ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ
ਚੰਡੀਗੜ,6 ਜਨਵਰੀ(ਵਿਸ਼ਵ ਵਾਰਤਾ) ਬੀਤੇ ਕੱਲ੍ਹ ਪੰਜਾਬ ਦੌਰੇ ‘ਤੇ ਆਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੋਤਾਹੀ ਦੇ ਮਾਮਲੇ ਨੇ ਪੰਜਾਬ ਸਮੇਤ ਦੇਸ਼ ਭਰ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਭਾਜਪਾ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ‘ਤੇ ਦੋਸ਼ ਲਗਾਏ ਜਾ ਰਹੇ ਹਨ, ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜਿੰਮੇਵਾਰੀ ਚੰਗੀ ਤਰ੍ਹਾਂ ਨਹੀਂ ਨਿਭਾਈ ਗਈ । ਉੱਥੇ ਹੀ ਮੁੱਖ ਮੰਤਰੀ ਚੰਨੀ ਸਮੇਤ ਕਾਂਗਰਸੀ ਨੇਤਾਵਾਂ ਦਾ ਕਹਿਣਾ ਹੈ ਪੀਐਮ ਦੀ ਸੁਰੱਖਿਆ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਸੀ। ਉਹਨਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਭਾਜਪਾ ਦੇ ਵਫਦ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ ,ਜਿਸ ਦੌਰਾਨ ਉਹਨਾਂ ਨੇ ਗ੍ਰਹਿ ਮੰਤਰੀ ਅਤੇ ਡੀਜੀਪੀ ਪੰਜਾਬ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਪ੍ਰਧਾਨ ਮੰਤਰੀ ਨਾਲ ਫੋਨ ਤੇ ਗੱਲਬਾਤ ਕੀਤੀ ਹੈ ਅਤੇ ਉਹਨਾਂ ਵੱਲੋਂ ਫਿਰੋਜਪੁਰ ਘਟਨਾਕ੍ਰਮ ‘ਤੇ ਚਿੰਤਾ ਵੀ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਪ੍ਰਧਾਨ ਮੰਤਰੀ ਕੁੱਝ ਮਿੰਟਾਂ ਵਿੱਚ ਰਾਸ਼ਟਰਪਤੀ ਨਾਲ ਮਿਲ ਕੇ ਕੱਲ੍ਹ ਦੀ ਘਟਨਾ ‘ਤੇ ਚਰਚਾ ਕਰਨ ਵਾਲੇ ਹਨ।






















