ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ 15-18 ਸਾਲ ਉਮਰ ਵਰਗ ਦੇ ਸਾਰੇ ਯੋਗ ਵਿਦਿਆਰਥੀਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਦੇ ਨਿਰਦੇਸ਼
ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਸਬੰਧੀ ਅੰਡਰਟੇਕਿੰਗ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ
ਜਲੰਧਰ, 4 ਮਾਰਚ (ਵਿਸ਼ਵ ਵਾਰਤਾ);-15-18 ਸਾਲ ਉਮਰ ਵਰਗ ਦੇ ਸਾਰੇ ਯੋਗ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਅੱਜ ਸਾਰੀਆਂ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਆਪਣੇ ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਸਬੰਧੀ ਅੰਡਰਟੇਕਿੰਗ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 98 ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ ਨੇ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਟੀਕਾਕਰਨ ਵਿੱਚ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨਾ ਸਬੰਧਤ ਸਕੂਲ ਦਾ ਕਰਤੱਵ ਹੈ। ਉਨ੍ਹਾਂ ਸਕੂਲਾਂ ਨੂੰ ਇਹ ਵੀ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਅਜੇ ਤੱਕ ਟੀਕਾਕਰਨ ਨਹੀਂ ਕੀਤਾ ਗਿਆ ਹੈ, ਉਨ੍ਹਾਂ ਨੂੰ ਆਪਣਾ ਟੀਕਾਕਰਨ ਕਰਵਾਉਣ ਲਈ ਫੋਨ ਕੀਤੇ ਜਾਣ ਤਾਂ ਜੋ ਜ਼ਿਲ੍ਹੇ ਵਿੱਚ ਇਸ ਵਰਗ ਦਾ ਸੌ ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਕੂਲ ਆਪਣੇ ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਬਾਰੇ ਸਰਟੀਫਿਕੇਟ ਜ਼ਰੂਰ ਜਮ੍ਹਾ ਕਰਵਾਉਣ ਤਾਂ ਜੋ ਇਸ ਨੂੰ ਡਾਟਾਬੇਸ ਵਿੱਚ ਅਪਡੇਟ ਕੀਤਾ ਜਾ ਸਕੇ ਕਿਉਂਕਿ ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਯੋਗ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਆਪਣੇ ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਬਾਰੇ ਸਰਟੀਫਿਕੇਟ ਜਮ੍ਹਾ ਨਹੀਂ ਕਰਵਾਇਆ, ਉਹ ਲੋੜੀਂਦੇ ਦਸਤਾਵੇਜ਼ ਜਲਦੀ ਤੋਂ ਜਲਦੀ ਪੇਸ਼ ਕਰਨ। ਬਾਕੀ ਬਚੇ ਵਿਦਿਆਰਥੀਆਂ ਦਾ ਡਾਟਾਬੇਸ ਤਿਆਰ ਕਰ ਕੇ ਟੀਕਾਕਰਨ ਦੀ ਸੁਵਿਧਾ ਦੇ ਸਬੰਧ ਵਿੱਚ ਉਨ੍ਹਾਂ ਦੇ ਮਾਪਿਆਂ ਨੂੰ ਫੋਨ ਕੀਤੇ ਜਾਣ ਤਾਂ ਜੋ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਮੋਬਾਈਲ ਟੀਕਾਕਰਨ ਕੈਂਪਾਂ ਦਾ ਲਾਭ ਲੈ ਸਕਣ।
ਸਕੂਲਾਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਬਾਕੀ ਰਹਿੰਦੇ ਯੋਗ ਵਿਦਿਆਰਥੀਆਂ ਦੇ ਟੀਕਾਕਰਨ ਵਿੱਚ ਤੇਜ਼ੀ ਲਿਆਉਣਗੇ ਅਤੇ ਕੁਝ ਦਿਨਾਂ ਵਿੱਚ ਸਰਟੀਫਿਕੇਟ ਅਧਿਕਾਰੀਆਂ ਨੂੰ ਸੌਂਪਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਟੀਕਾਕਰਨ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਡੀ.ਐਫ.ਐਸ.ਸੀ., ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ।
——————-