ਚੰਡੀਗੜ੍ਹ, 14 ਨਵੰਬਰ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜ਼ਬੂਤ ਕਰਨ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਲਿਆ ਸੁਫਨਾ ਭਲਕੇ ਹਕੀਕਤ ਵਿੱਚ ਬਦਲੇਗਾ ਜਦੋਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਮੁਹਾਲੀ ਦੇ ਫੇਜ਼ 7 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਨ੍ਹਾਂ ਕਲਾਸਾਂ ਦੀ ਰਸਮੀ ਸ਼ੁਰੂਆਤ ਕਰਨਗੇ। ਕੱਲ੍ਹ ਸਾਰੇ ਪੰਜਾਬ ਦੇ 12500 ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋਵੇਗੀ ਜਿਸ ਨੂੰ ‘ਖੇਡ ਮਹਿਲ’ ਦਾ ਨਾਂ ਦਿੱਤਾ ਗਿਆ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਭਲਕੇ ਬਾਲ ਦਿਵਸ ਨੂੰ ਪੰਜਾਬ ਦੀ ਸਿੱਖਿਆ ਦੇ ਖੇਤਰ ਖਾਸ ਕਰ ਕੇ ਪ੍ਰਾਇਮਰੀ ਸਿੱਖਿਆ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਸੁਫਨਾ ਹਕੀਕਤ ਵਿੱਚ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ ਜਿਸ ਨੂੰ ਭਲਕੇ ਬਾਲ ਦਿਵਸ ਮੌਕੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਬੱਚਿਆਂ ਲਈ ਬਾਲ ਦਿਵਸ ਦਾ ਇਸ ਤੋਂ ਵੱਡਾ ਤੋਹਫਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਨਾਲ ਜਿੱਥੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ ਉਥੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਣਗੇ।
ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਭਲਕੇ ਸਾਰੇ ਪੰਜਾਬ ਦੇ 12500 ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋਵੇਗੀ ਜਿਸ ਦਾ ਰਸਮੀ ਉਦਘਾਟਨ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਮੁਹਾਲੀ ਤੋਂ ਕਰਨਗੇ। ਉਨ੍ਹਾਂ ਕਿਹਾ ਕਿ ਕੱਲ੍ਹ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਸਮਾਗਮ ਹੋਣਗੇ ਜਿੱਥੇ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲ ਬੱਚਿਆਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਖੇਡ ਮਹਿਲ’ ਦੇ ਨਾਂ ਨਾਲ ਸ਼ੁਰੂ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਨਰਸਰੀ, ਐਲ.ਕੇ.ਜੀ. ਤੇ ਯੂ.ਕੇ.ਜੀ. ਵਿੱਚ ਦਾਖਲ ਕੀਤਾ ਗਿਆ ਹੈ। ਇਨ੍ਹਾਂ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਸਿਖਾਇਆ ਜਾਵੇਗਾ।