ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ – ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈੱਸ ਕਾਨਫਰੰਸ,ਪੇਸ਼ ਕਰ ਸਕਦੇ ਹਨ ਸਰਕਾਰ ਦਾ 10 ਮਹੀਨਿਆਂ ਦਾ ਰਿਪੋਰਟ ਕਾਰਡ
ਚੰਡੀਗੜ੍ਹ 13 ਫਰਵਰੀ(ਵਿਸ਼ਵ ਵਾਰਤਾ ਬਿਉਰੋ)-ਪੰਜਾਬ ਸਰਕਾਰ ਵੱਲੋਂ 23 ਅਤੇ 24 ਫਰਵਰੀ ਨੂੰ ਮੋਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸੇ ਕਾਰਨ ਸੀਐਮ ਭਗਵੰਤ ਮਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਉੱਥੋਂ ਦੇ ਕਾਰੋਬਾਰੀਆਂ ਨੂੰ ਮਿਲੇ ਹਨ। ਸੂਬਾ ਸਰਕਾਰ ਉਦਯੋਗਾਂ ਅਤੇ ਬਾਹਰੀ ਨਿਵੇਸ਼ਕਾਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰੈੱਸ ਕਾਨਫਰੰਸ ਕਰਨਗੇ। ਮਾਨ ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਦੌਰਾਨ ਪਿਛਲੇ 10 ਮਹੀਨਿਆਂ ਦੇ ਵੇਰਵੇ ਵੀ ਪੇਸ਼ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਕੀਤੇ ਨਿਵੇਸ਼ ਬਾਰੇ ਵੀ ਜਾਣਕਾਰੀ ਦੇਣਗੇ।
ਸੀਐਮ ਭਗਵੰਤ ਮਾਨ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਦੇਸ਼-ਵਿਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਾਰੋਬਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਨਿਵੇਸ਼ਕਾਂ ਨੂੰ ਸੱਦਾ ਦੇ ਰਹੇ ਹਨ। ਉਨ੍ਹਾਂ ਨੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦੇ ਲਾਭ ਅਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਅਨੁਕੂਲ ਮਾਹੌਲ ਬਾਰੇ ਜਾਣੂ ਕਰਵਾਇਆ। ਮਾਨ ਨੇ ਜਰਮਨੀ ਅਤੇ ਮੁੰਬਈ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ।