ਪੰਚਾਇਤੀ ਚੋਣਾਂ : ਸਵੇਰੇ 10 ਵਜੇ ਤੱਕ 10.5% ਹੋਈ ਵੋਟਿੰਗ
ਚੰਡੀਗੜ੍ਹ, 15ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ ‘ਤੇ NOTA ਦਾ ਵਿਕਲਪ ਵੀ ਹੈ।
ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਵੋਟਾਂ ਪਾਉਣ ਲਈ ਕਤਾਰ ਵਿੱਚ ਖੜ੍ਹੇ ਲੋਕਾਂ ਵਿੱਚ ਝਗੜਾ ਹੋ ਗਿਆ। ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ 25,588 ਉਮੀਦਵਾਰ ਮੈਦਾਨ ਵਿੱਚ ਹਨ।
ਇਸ ਤੋਂ ਇਲਾਵਾ 3,798 ਸਰਪੰਚ ਅਤੇ 48,861 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।