ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੇਂ ਜੱਜਾਂ ਦੀ ਨਿਯੁਕਤੀ ‘ਤੇ ਸ਼ੁਰੂ ਹੋਈ ਸਿਆਸਤ
ਸੁਖਬੀਰ ਬਾਦਲ ਨੇ ਸਿੱਖ ਜੱਜ ਸ਼ਾਮਿਲ ਨਾ ਹੋਣ ਦਾ ਚੁੱਕਿਆ ਮੁੱਦਾ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਇਸ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕੀਤੀ ਗਈ ਹੈ। ਹਾਈ ਕੋਰਟ ਵਿੱਚ 11 ਨਵੇਂ ਜੱਜ ਨਿਯੁਕਤ ਕੀਤੇ ਗਏ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਨਿਯੁਕਤੀ ਪੱਤਰ ‘ਤੇ ਚੁੱਕੇ ਸਵਾਲ। ਉਨ੍ਹਾਂ ਕਿਹਾ ਕਿ 11 ਜੱਜਾਂ ਵਿੱਚੋਂ ਇੱਕ ਵੀ ਸਿੱਖ ਜੱਜ ਨਹੀਂ ਹੈ। ਦੇਸ਼ ਦੀ ਅਜ਼ਾਦੀ ਦੀ ਲੜਾਈ ਵਿੱਚ 80% ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨੂੰ ਆਜ਼ਾਦੀ ਦਿਹਾੜੇ ‘ਤੇ ਕਿਹੋ ਜਿਹਾ ਤੋਹਫ਼ਾ ਦਿੱਤਾ ਗਿਆ ਹੈ?
Today the nation is celebrating its 75th #IndependenceDay. More than 80 % of sacrifices in the freedom struggle were made by the Sikh community, but it's really painful to learn that out of the 11 new judges appointed in Pb & Haryana High Court, there is not even a single Sikh. pic.twitter.com/1lfJBz467q
— Sukhbir Singh Badal (@officeofssbadal) August 15, 2022
ਅਕਾਲੀ ਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਿਆਦਾਤਰ ਕੇਸ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਇਸ ਦੇ ਬਾਵਜੂਦ ਅਜਿਹਾ ਫੈਸਲਾ ਲਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਗੈਰ-ਸਿੱਖ ਜੱਜਾਂ ਦੀ ਨਿਯੁਕਤੀ ਨਾਲ ਸਿੱਖਾਂ ਨੂੰ ਹੀ ਨੁਕਸਾਨ ਹੋਵੇਗਾ। ਪ੍ਰਧਾਨ ਮੰਤਰੀ ਦਫ਼ਤਰ ਨੂੰ ਇਸ ਵਿੱਚ ਦਖ਼ਲ ਦੇ ਕੇ ਇਸ ਬੇਇਨਸਾਫ਼ੀ ਨੂੰ ਵਾਪਸ ਲੈਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਇਹ ਗੱਲ ਲੋਕ ਸਭਾ ਵਿੱਚ ਉਠਾਈ। ਹਾਲਾਂਕਿ ਇਸ ‘ਤੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਸਪੱਸ਼ਟ ਕਿਹਾ ਸੀ ਕਿ ਜੱਜਾਂ ਦੀ ਨਿਯੁਕਤੀ ‘ਚ ਧਰਮ ਦੇ ਆਧਾਰ ‘ਤੇ ਕੋਈ ਰਾਖਵਾਂਕਰਨ ਨਹੀਂ ਹੈ।