ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਅੱਜ ਹੋ ਸਕਦਾ ਹੈ ਫੈਸਲਾ
ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਦਿੱਲੀ ਵਿੱਚ ਮੀਟਿੰਗ
ਚੰਡੀਗੜ੍ਹ,26 ਮਾਰਚ(ਵਿਸ਼ਵ ਵਾਰਤਾ)-ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦਿੱਲੀ ‘ਚ ਮੰਥਨ ਕਰੇਗੀ । ਇਸ ਦੇ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਬੁਲਾਈ ਗਈ ਹੈ। ਦੱਸ ਦਈਏ ਕਿ ਚੋਣ ਨਤੀਜਿਆਂ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਮੇਤ ਯੂਪੀ,ਉੱਤਰਾਖੰਡ,ਗੋਆ ਅਤੇ ਮਣੀਪੁਰ ਦੇ ਪ੍ਰਧਾਨਾਂ ਦੇ ਅਸਤੀਫੇ ਮੰਗ ਲਏ ਸਨ। ਅੱਜ ਪੰਜਾਬ ਨੂੰ ਨਵਾਂ ਕਾਂਗਰਸ ਪ੍ਰਧਾਨ ਮਿਲ ਸਕਦਾ ਹੈ। ਇਸ ਦੇ ਨਾਲ ਹੀ ਇਹ ਵੀ ਖਬਰਾਂ ਹਨ ਕਿ ਪਾਰਟੀ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੀ ਛੁੱਟੀ ਕਰ ਸਕਦੀ ਹੈ।
ਜਾਣਕਾਰੀ ਅਨੁਸਾਰ ਸਿੱਧੂ ਦੀ ਥਾਂ ‘ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਪੀਪੀਸੀਸੀ ਪ੍ਰਧਾਨ ਅਤੇ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀਐਮ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਦੇ ਅਮਰਿੰਦਰ ਰਾਜਾ ਵੜਿੰਗ ਪ੍ਰਧਾਨ ਦੇ ਅਹੁਦੇ ਲਈ ਮੁੱਖ ਦਾਅਵੇਦਾਰ ਹਨ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਣਨ ਨੂੰ ਲੈ ਕੇ ਵੀ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ,ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕਿਆਸਰਾਈਆਂ ਲੱਗ ਰਹੀਆਂ ਹਨ।























