ਪੰਜਾਬ ਕਾਂਗਰਸ ਨੂੰ ਝਟਕਾ- ਦਮਨ ਬਾਜਵਾ ਸਮੇਤ 3 ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ, 7ਫਰਵਰੀ(ਵਿਸ਼ਵ ਵਾਰਤਾ)-ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਵਿੱਚ ਰਾਜਨੀਤਕ ਧਮਾਕਾ ਕਰ ਦਿੱਤਾ ਹੈ । ਯੂਥ ਕਾਂਗਰਸ ਦੇ ਜਨਰਲ ਸੈਕਟਰੀ ਅਤੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਪਹਿਲਾਂ ਕਾਂਗਰਸ ਦੇ ਉਮੀਦਵਾਰ ਵਜੋਂ ਲੜਨ ਵਾਲੀ ਦਮਨ ਬਾਜਵਾ ਪੰਜਾਬ ਸਰਕਾਰ ਦੀ ਮੀਡੀਆ ਇੰਡਸਟਰੀ ਦੇ ਚੇਅਰਮੈਨ ਅਮਰਜੀਤ ਟਿੱਕਾ ਤੇ ਉਨ੍ਹਾਂ ਦੇ ਭਤੀਜੇ ਪੰਜਾਬ ਸਰਕਾਰ ਦੇ ਯੂਥ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਕਾਂਗਰਸ ਪਾਰਟੀ ਛੱਡ ਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਕਸ ਸਰਵਿਸਮੈਨ ਵਿੰਗ ਦੇ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ , ਮਰਹੂਮ ਸਾਬਕਾ ਮੰਤਰੀ ਗੁਰਦੇਵ ਸਿੰਘ ਬਾਦਲ ਦੇ ਪੋਤਰੇ ਅਤੇ ਕੇਵਲ ਸਿੰਘ ਬਾਦਲ ਦੇ ਪੁੱਤਰ ਜਗਦੀਪ ਸਿੰਘ ਬਾਦਲ ਨੇ ਅੱਜ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਗਜਿੰਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਜਨਰਲ ਸੈਕਟਰੀ ਸੁਭਾਸ਼ ਸ਼ਰਮਾ ਨੇ ਜੀ ਆਇਆਂ ਆਖਿਆ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਬਰਾੜ ਤੇ ਲੁਧਿਆਣਾ ਤੋਂ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਰੁੱਧ ਚੋਣ ਲੜਨ ਵਾਲੇ ਭਾਜਪਾ ਦੇ ਉਮੀਦਵਾਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਵੀ ਮੌਜੂਦ ਸਨ ।
ਦੱਸਣਯੋਗ ਹੈ ਕਿ ਅੱਜ ਸਵੇਰੇ ਪ੍ਰੈੱਸ ਕਾਨਫ਼ਰੰਸ ਦੌਰਾਨ ਬਾਲੀਵੁੱਡ ਫ਼ਿਲਮ ਅਦਾਕਾਰਾ ਮਾਹੀ ਗਿੱਲ ਤੇ ਪੰਜਾਬੀ ਫ਼ਿਲਮਾਂ ਦੇ ਅਦਾਕਾਰ ਹੌਬੀ ਧਾਲੀਵਾਲ ਸ਼ਾਮਲ ਹੋ ਗਏ ਹਨ ।
ਇਸ ਮੌਕੇ BJP ਚ ਸ਼ਾਮਲ ਹੋਣ ਵਾਲਿਆਂ ਚ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਟੋਨੀ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਵੀ ਹਨ।























