ਸੋਨੀਆ ਗਾਂਧੀ ਨੇ ਸੱਦੀ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਇੰਚਾਰਜਾਂ ਦੀ ਮੀਟਿੰਗ
ਪੰਜਾਬ ਕਾਂਗਰਸ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ
ਪੜ੍ਹੋ ਪ੍ਰਧਾਨਗੀ ਨੂੰ ਲੈ ਕੇ ਕਿਹੜੇ ਨਾਮ ਚਰਚਾ ‘ਚ
ਚੰਡੀਗੜ੍ਹ,24 ਮਾਰਚ(ਵਿਸ਼ਵ ਵਾਰਤਾ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਨੀਵਾਰ 26 ਮਾਰਚ ਨੂੰ ਕਾਂਗਰਸ ਹੈੱਡਕੁਆਰਟਰ ਵਿਖੇ ਕਾਂਗਰਸ ਦੇ ਸਾਰੇ ਜਨਰਲ ਸਕੱਤਰਾਂ ਤੇ ਇੰਚਾਰਜਾਂ ਦੀ ਮੀਟਿੰਗ ਸੱਦ ਲਈ ਹੈ। ਹਾਲਾਂਕਿ ਇਸ ਮੀਟਿੰਗ ਵਿੱਚ ਸੋਨੀਆ ਗਾਂਧੀ ਖੁਦ ਮੌਜੂਦ ਨਹੀਂ ਹੋਣਗੇ। ਮੀਟਿੰਗ ਦੀ ਅਗਵਾਈ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਕਰਨਗੇ ਅਤੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿਅੰਕਾ ਗਾਂਧੀ ਵੀ ਮੌਜੂਦ ਰਹਿਣਗੇ ।
ਦੱਸ ਦਈਏ ਕਿ ਪੰਜ ਰਾਜਾਂ ਦੇ ਵਿਧਾਨ ਸਭਾ ਨਤੀਜਿਆਂ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਮੇਤ ਪੰਜਾ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫੇ ਮੰਗ ਲਏ ਸਨ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਫੈਸਲਾ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਹੈ ਸਿੱਧੂ ਨੂੰ ਫਿਰ ਤੋਂ ਪਹਿਲ ਦਿੱਤੀ ਜਾ ਸਕਦੀ ਹੈ। ਸਿੱਧੂ ਤੋਂਂ ਇਲਾਵਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਤੋਂ ਮੌਜੂਦਾ ਵਿਧਾਇਕ ਅਤੇ ਸਾਬਕਾ ਪੀਪੀਸੀਸੀ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਤੋਂ ਵਿਧਾਇਕ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਵੀ ਪ੍ਰਧਾਨਗੀ ਦੇ ਦਾਅਵੇਦਾਰ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਨਾਮ ਨੂੰ ਲੈ ਕੇ ਵੀ ਚਰਚਾਵਾਂ ਜੋਰਾਂ ਤੇ ਹਨ।