ਪੰਜਾਬ ‘ਚ ਅਗਲੇ 3 ਦਿਨ ਭਾਰੀ ਮੀਂਹ ਪੈਣ ਦੇ ਆਸਾਰ
ਚੰਡੀਗੜ੍ਹ, 19ਜੁਲਾਈ(ਵਿਸ਼ਵ ਵਾਰਤਾ)-ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਅੱਜ ਤੋਂ ਤਿੰਨ ਦਿਨਾਂ ਤੱਕ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਵੀ ਔਰੇਂਜ ਅਲਰਟ ਜਾਰੀ ਕੀਤਾ ਹੈ। ਪੂਰਵ ਅਨੁਮਾਨ ਮੁਤਾਬਕ ਮੰਗਲਵਾਰ ਨੂੰ ਕੁਝ ਜ਼ਿਲਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਸੂਬੇ ‘ਚ ਭਾਰੀ ਬਾਰਿਸ਼ ਹੋਣ ਦੇ ਆਸਾਰ ਹਨ।
ਇਸ ਦੇ ਨਾਲ ਹੀ ਖੇਤੀ ਮਾਹਿਰਾਂ ਨੇ ਵੀ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਤੇਜ਼ ਮੀਂਹ ਪੈਂਦਾ ਹੈ ਤਾਂ ਸਬਜ਼ੀਆਂ ਅਤੇ ਨਰਮੇ ਦੇ ਖੇਤਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿਓ। ਇਸ ਨਾਲ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। 22 ਜੁਲਾਈ ਤੱਕ ਫ਼ਸਲਾਂ ‘ਤੇ ਕਿਸੇ ਕਿਸਮ ਦੀ ਕੀਟਨਾਸ਼ਕ ਅਤੇ ਹੋਰ ਦਵਾਈਆਂ ਦਾ ਛਿੜਕਾਅ ਨਾ ਕਰੋ।






















