ਪੰਜਾਬ ‘ਚ ਅੱਜ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’
ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ ਪਟਿਆਲਾ
ਚੰਡੀਗੜ੍ਹ,5ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ।
ਇਸੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦੌਰੇ ‘ਤੇ ਹੋਣਗੇ, ਜਿੱਥੇ ਇਹ ਦੋਵੇਂ ਆਗੂ ਮੁੱਖ ਮੰਤਰੀ ਸੂਬੇ ‘ਚ ‘ਸੀਐਮ ਦ ਯੋਗਸ਼ਾਲਾ’ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੈਡੀਟੇਸ਼ਨ, ਪ੍ਰਾਣਾਯਾਮ ਅਤੇ ਯੋਗਾ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਹਿਲੇ ਪੜਾਅ ਵਿੱਚ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ‘ਸੀਐਮ ਦ ਯੋਗਸ਼ਾਲਾ’ ਸਥਾਪਿਤ ਕੀਤੀ ਜਾਵੇਗੀ। ਅਭਿਆਸ ਕੀਤਾ ਜਾ ਰਿਹਾ ਹੈ। ਬਾਅਦ ਵਿੱਚ ਇਹ ਪ੍ਰੋਜੈਕਟ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।
ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ਉਤੇ ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਇਸ ਦੀ ਸ਼ੁਰੂਆਤ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਦੇ ਸ਼ਹਿਰਾਂ ਤੋਂ ਕੀਤੀ ਜਾਵੇਗੀ ਜਿੱਥੇ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿਚ ਲੋਕਾਂ ਨੂੰ ਮੁਫ਼ਤ ਯੋਗਾ ਸਿਖਲਾਈ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਿਹਤਮੰਦ, ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਈਵਾਲੀ ਰਾਹੀਂ ਜਨਤਕ ਮੁਹਿੰਮ ਨੂੰ ਯਕੀਨੀ ਬਣਾਉਣਾ ਹੈ।