ਪੰਜਾਬ ‘ਚ ਕਣਕ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ
ਰੂਸ-ਯੂਕਰੇਨ ਵਿਚਾਲੇ ਯੁੱਧ ਦਾ ਕਣਕ ਦੀ ਮੰਗ ਤੇ ਦਿੱਖਣ ਲੱਗਾ ਅਸਰ
ਚੰਡੀਗੜ੍ਹ,1 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਰਹੀ ਹੈ। ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਸਰਕਾਰ ਨੇ ਇਸ ਵਾਰ 132 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਹੈ ਜਦੋਂ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਯੁੱਧ ਕਾਰਣ ਕੌਮਾਂਤਰੀ ਬਾਜ਼ਾਰ ‘ਚ ਕਣਕ ਦੀ ਮੰਗ ਵਧ ਗਈ ਹੈ ਅਤੇ ਕਣਕ ਦੇ ਭਾਅ ਘੱਟੋ ਘੱਟ ਸਮਰਥਨ ਮੁੱਲ ਤੋਂ ਵੀ ਜ਼ਿਆਦਾ ਚੱਲ ਰਹੇ ਹਨ। ਕਣਕ ਦਾ ਸਰਕਾਰੀ ਭਾਅ 2015 ਰੁਪਏ ਪ੍ਰਤੀ ਕੁਇੰਟਲ ਹੈ ਜਦੋਂ ਕਿ ਬਾਜ਼ਾਰ ਵਿਚ ਕੀਮਤ 2300 ਰੁਪਏ ਨੂੰ ਪਾਰ ਕਰ ਗਈ ਹੈ। ਪੰਜਾਬ ਸਰਕਾਰ ਨੇ ਖ਼ਰੀਦ ਏਜੰਸੀਆਂ ਨੂੰ ਇਸ ਵਾਰ 12 ਘੰਟਿਆਂ ਵਿਚ ਫ਼ਸਲ ਦੀ ਅਦਾਇਗੀ ਕਰਨ ਦੇ ਜ਼ੁਬਾਨੀ ਹੁਕਮ ਦਿੱਤੇ ਹਨ ਜਿਨ੍ਹਾਂ ਨੂੰ ਹਕੀਕੀ ਰੂਪ ਦੇਣਾ ਸੌਖਾ ਨਹੀਂ ਹੋਵੇਗਾ। ਖ਼ਰੀਦ ਕੇਂਦਰਾਂ ਵਿਚ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਪੰਜਾਬ ਦੇ ਮਾਲਵਾ ਖਿੱਤੇ ਵਿਚ ਪੈਂਦੇ ਇਲਾਕਿਆਂ ਵਿੱਚ ਕਣਕ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ।