ਪੰਜਾਬ ‘ਚ ਕਿਸਾਨੀ-ਧਰਨਿਆਂ ਦੇ 8 ਮਹੀਨੇ ਪੂਰੇ
ਖੇਤੀ-ਕਾਨੂੰਨ ਰੱਦ ਕਰਵਾਉਣ ਤੱਕ ਡਟੇ ਰਹਿਣ ਦਾ ਅਹਿਦ

ਚੰਡੀਗੜ੍ਹ,28 ਮਈ (ਵਿਸ਼ਵ ਵਾਰਤਾ):-ਸੰਯੁਕਤ ਕਿਸਾਨ ਮੋਰਚੇ ਦੀਆਂ ਪੰਜਾਬ ਤੋਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ-ਕਿਸਾਨੀ ਧਰਨਿਆਂ ਨੇ 8 ਮਹੀਨੇ ਪੂਰੇ ਕਰ ਲਏ ਹਨ। ਕਿਸਾਨੀ-ਧਰਨਿਆਂ ਦੇ 240ਵੇਂ ਦਿਨ ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ-ਆਗੂਆਂ ਨੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨ ਸੰਵਿਧਾਨ ਦੀ ਮੂਲ ਸੋਚ ਅਤੇ ਸੰਘਵਾਦ ਦੀ ਧਾਰਾ ਦੇ ਉਲਟ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਜਿੱਥੇ ਕਾਰਪੋਰੇਟਾਂ ਨੂੰ ਭਾਰਤੀ ਖੇਤੀ ਨੂੰ ਅਗਵਾ ਕਰਨ ਦਾ ਮੌਕਾ ਦੇਣਗੇ, ਉਥੇ ਲੁੱਟ ਦੇ ਨਵੇਂ ਰਾਹ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਰਥਚਾਰੇ ਦੇ ਮੂਲਵਾਦੀ ਇਨ੍ਹਾਂ ਖੇਤੀ ਕਾਨੂੰਨਾਂ ਦੀ ਪਿੱਠ ਥਾਪੜ ਰਹੇ ਹਨ , ਜਦੋਂ ਕਿ ਦੂਸਰੇ ਪਾਸੇ ਖੇਤੀ ਕਾਨੂੰਨਾਂ ਨੇ ਸਮੁੱਚੇ ਸਮਾਜ ਨੂੰ ਇਕਜੁੱਟ ਕੀਤਾ ਹੈ। ਉਨ੍ਹਾਂ ਕਿਸਾਨ ਅੰਦੋਲਨ ਨੂੰ ਹੁਣ ਤੱਕ ਦਾ ਸਭ ਤੋਂ ਵੱਧ ਜ਼ਾਬਤੇ ਵਾਲਾ ਘੋਲ ਦੱਸਦੇ ਹੋਏ ਕਿਹਾ ਕਿ ਭਾਰਤ ਸਰਕਾਰ ਨੇ ਪਹਿਲਾਂ ਸਵਾਥੀਨਾਥਨ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਹਕੂਮਤੀ ਲੇਪ ਲਾ ਸਿਆਸੀ ਭੱਲ ਖੱਟਣ ਦੀ ਕੋਸ਼ਿਸ਼ ਕੀਤੀ ਅਤੇ ਹੁਣ ਕਾਰਪੋਰੇਟਾਂ ਦੀ ਪਿੱਠ ’ਤੇ ਖੜ੍ਹ ਕੇ ਨਵੇਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾ ਰਹੀ ਹੈ।
ਕਿਸਾਨ-ਆਗੂਆਂ ਨੇ ਕਿਹਾ ਕਿ ਆਰਥਿਕ ਸੁਧਾਰਾਂ ਵਾਲਾ ਜੋ ਡਿਜ਼ਾਈਨ ਯੂਰਪ ਦੀਆਂ ਵੱਡੀਆਂ ਖੇਤੀ ਜੋਤਾਂ ’ਤੇ ਕਾਮਯਾਬ ਨਹੀਂ ਹੋ ਸਕਿਆ, ਉਸ ਨੂੰ ਭਾਰਤ ’ਚ ਛੋਟੀਆਂ ਜੋਤਾਂ ’ਤੇ ਜਬਰੀ ਲਾਗੂ ਕੀਤਾ ਜਾ ਰਿਹੈ। ਸਰਕਾਰ ਖੇਤੀ ਸੈਕਟਰ ’ਚ ‘ਘਾਟਿਆਂ ਦੀ ਪੈਦਾਵਾਰ’ ਕਰਨ ਦੇ ਰਾਹ ਪਈ ਹੈ। ਕਾਰਪੋਰੇਟ ਕੰਪਨੀਆਂ ਨੇ ਜਿੱਥੇ ਕਿਸਾਨਾਂ ਨੂੰ ਖੇਤਾਂ ਦੇ ਰਫਿਊਜੀ ਬਣਾਉਣ ਲਈ ਰਾਹ ਪੱਧਰਾ ਕੀਤਾ, ਉਥੇ ਵਾਤਾਵਰਨ ’ਚ ਨਵੇਂ ਵਿਗਾੜ ਵੀ ਖੜ੍ਹੇ ਕਰ ਦਿੱਤੇ ਹਨ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਨੂੰ ਕੋਵਿਡ ਦੀ ਪ੍ਰਸਥਿਤੀ ਵਿਚ ਲਿਆ ਕੇ ਹੀ ਸਰਕਾਰ ਨੇ ਸ਼ੰਕੇ ਖੜ੍ਹੇ ਕਰ ਦਿੱਤੇ ਸਨ, ਜਦੋਂ ਕਿ ਆਰਡੀਨੈਂਸ ਕੇਵਲ ਹੰਗਾਮੀ ਹਾਲਾਤ ’ਚ ਲਿਆਂਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁਲਕ ਦੇ ਕਿਸਾਨਾਂ ਦਾ ਵੱਡਾ ਹਿੱਸਾ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਖੜ੍ਹਾ ਹੈ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਰਕਾਰ ਜਬਰੀ ਲਾਗੂ ਨਹੀਂ ਸਕਦੀ। ਕੇਂਦਰ-ਸਰਕਾਰ ਤੁਰੰਤ 3 ਖੇਤੀ-ਕਾਨੂੰਨ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ-ਆਰਡੀਨੈਂਸ ਰੱਦ ਕਰੇ, ਨਾਲ ਹੀ ਸਾਰੀਆਂ ਫਸਲਾਂ ‘ਤੇ ਦੇਸ਼-ਭਰ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨਿਸ਼ਚਿਤ ਕਰਨ ਲਈ ਕਾਨੂੰਨ ਬਣਾਵੇ।