ਪੰਜਾਬ ‘ਚ ਮੀਂਹ,ਗੜੇਮਾਰੀ ਤੇ ਤੂਫ਼ਾਨ ਕਾਰਨ ਫਸਲਾਂ ਦਾ ਭਾਰੀ ਨੁਕਸਾਨ
ਮੁੱਖ ਮੰਤਰੀ ਵੱਲੋਂ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਫਾਜ਼ਿਲਕਾ ਜ਼ਿਲ੍ਹੇ ਵਿੱਚ ਆਏ ਚੱਕਰਵਾਤੀ ਤੂਫ਼ਾਨ ਦਾ ਡੀਸੀ ਡਾ.ਸੇਨੂੰ ਦੁੱਗਲ ਨੇ ਮੌਕੇ ਤੇ ਪਹੁੰਚ ਕੇ ਲਿਆ ਜਾਇਜ਼ਾ
ਚੰਡੀਗੜ੍ਹ, 24 ਮਾਰਚ(ਵਿਸ਼ਵ ਵਾਰਤਾ)- ਖਰਾਬ ਮੌਸਮ ਨੇ ਪੰਜਾਬ ਭਰ ‘ਚ ਤਬਾਹੀ ਮਚਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਸਮੇਤ ਕਈ ਥਾਵਾਂ ‘ਤੇ ਮੀਂਹ ਅਤੇ ਗੜੇਮਾਰੀ ਹੋਈ ਤੇ ਮੀਂਹ ਪੈ ਰਿਹਾ ਹੈ। ਪੰਜਾਬ ਦੇ 22 ਜ਼ਿਲ੍ਹਿਆਂ ‘ਚ ਬੀਤੇ ਕੱਲ੍ਹ ਸਵੇਰ ਤੋਂ ਸ਼ਾਮ ਤੱਕ ਬਾਰਿਸ਼ ਹੋਈ, ਕਈ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ। ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਫਾਜ਼ਿਲਕਾ ‘ਚ ਆਏ ਤੂਫਾਨ ਨੇ ਭਾਰੀ ਤਬਾਹੀ ਮਚਾਈ। ਇਸ ਕਾਰਨ ਮਕਾਨਾਂ ਦੀਆਂ ਕੰਧਾਂ ਡਿੱਗ ਗਈਆਂ ਅਤੇ ਲੋਕ ਜ਼ਖਮੀ ਹੋ ਗਏ। ਬਾਗਾਂ ਵਿੱਚ ਦਰੱਖਤ ਉੱਖੜ ਗਏ। ਡੀਸੀ ਸੇਨੂੰ ਦੁੱਗਲ ਅਤੇ ਹਲਕੇ ਦੇ ਐਮ ਐਲ ਏ ਨਰਿੰਦਰ ਸਵਨਾ ਨੇ ਤੂਫ਼ਾਨ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀ ਸਾਰ ਲਈ ਅਤੇ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਇਲਾਕਾ ਮਾਲਵੇ ਦੇ ਹੋਰ ਕਈ ਇਲਾਕਿਆਂ ਵਿਚ ਵੀ ਤੂਫ਼ਾਨ ਨੇ ਕਾਫ਼ੀ ਨੁਕਸਾਨ ਕੀਤਾ ਹੈ।
ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।























