ਪੰਜਾਬ ‘ਚ ਰੋਡਵੇਜ਼ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਹੜਤਾਲ ਕੀਤੀ ਖਤਮ
ਚੰਡੀਗੜ੍ਹ, 28 ਜੂਨ(ਵਿਸ਼ਵ ਵਾਰਤਾ) :ਪੰਜਾਬ ਵਿਚ ਰੋਡਵੇਜ਼ ਦੇ ਡਰਾਈਵਰ ਅਤੇ ਕੰਡਕਟਰ ਅੱਜ ਦੂਜੇ ਦਿਨ ਹੜਤਾਲ ਨਹੀਂ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਆਪਣੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 10 ਜੁਲਾਈ ਨੂੰ ਮੀਟਿੰਗ ਲਈ ਸਮਾਂ ਦਿੱਤਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਹੜਤਾਲ ਦੌਰਾਨ ਮੁੱਖ ਮੰਤਰੀ ਦਫ਼ਤਰ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਸੁਨੇਹਾ ਮਿਲਿਆ ਸੀ ਕਿ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ‘ਚ ਕਰੀਬ 3000 ਰੋਡਵੇਜ਼ ਅਤੇ ਪਨਬੱਸ ਬੱਸਾਂ ਦੇ ਪਹੀਏ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਰੋਡਵੇਜ਼ ਦੇ ਡਰਾਈਵਰ-ਕੰਡਕਟਰਾਂ ਨੇ 27 ਅਤੇ 28 ਜੂਨ ਨੂੰ ਦੋ ਦਿਨਾਂ ਹੜਤਾਲ ਦਾ ਐਲਾਨ ਕੀਤਾ ਸੀ। ਯੂਨੀਅਨ ਦੇ ਅਹੁਦੇਦਾਰਾਂ ਨੇ ਪਿਛਲੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਵਿਭਾਗਾਂ ਦੇ ਹੋਰ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਸਨ ਪਰ ਕੋਈ ਨਤੀਜਾ ਨਹੀਂ ਨਿਕਲਿਆ।