ਪੰਜਾਬ ’ਚ ਹੁਣ 630 ਰੁਪਏ ਵਿੱਚ ਹੋਣਗੇ ਪਾਣੀ ਦੀ ਗੁਣਵੱਤਾ ਜਾਂਚ ਦੇ 18 ਟੈਸਟ
ਪੜ੍ਹੋ ਮੁੱਖ ਸਕੱਤਰ ਨੇ ਆਂਗਣਵਾੜੀ ਕੇਂਦਰਾਂ ’ ਸਾਫ਼ ਪਾਣੀ ਅਤੇ ਪਖਾਨਿਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਦਿੱਤੇ ਕਿਹੜੇ ਆਦੇਸ਼
ਚੰਡੀਗੜ੍ਹ, 20 ਅਗਸਤ(ਵਿਸ਼ਵ ਵਾਰਤਾ)ਸੂਬੇ ਵਿੱਚ ਪੀਣ ਵਾਲੇ ਪਾਣੀ ਦੀ ਕਿਫ਼ਾਇਤੀ ਰੇਟ ਉਤੇ ਸਹੀ ਤੇ ਭਰੋਸੇਯੋਗ ਜਾਂਚ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਸਰਕਾਰੀ ਲੈਬਾਰਟਰੀਆਂ ਵਿੱਚ ਪਾਣੀ ਦੀ ਗੁਣਵੱਤਾ ਸਬੰਧੀ ਸੂਚੀਬੱਧ ਕੀਤੇ 18 ਟੈਸਟਾਂ ਦੀ ਫੀਸ 630 ਰੁਪਏ ਤੈਅ ਕਰ ਦਿੱਤੀ ਗਈ ਹੈ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਸਟੇਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਦੀ ਸੰਚਾਲਨ ਕਮੇਟੀ (ਐਸ.ਸੀ.ਐਸ.ਡਬਲਿਊ.ਐਸ.ਐਮ.) ਦੀ ਦੂਜੀ ਮੀਟਿੰਗ ਦੌਰਾਨ ਲਿਆ ਗਿਆ।
ਸ੍ਰੀਮਤੀ ਮਹਾਜਨ ਨੇ ਕਿਹਾ ਕਿ ਇਹ ਪਹਿਲਕਦਮੀ ਨਾਗਰਿਕਾਂ ਨੂੰ ਪੀਣ ਵਾਲੇ ਪਾਣੀ ਦੀ ਕਿਫਾਇਤੀ ਰੇਟ ਉਤੇ ਜਾਂਚ ਤੇ ਨਿਗਰਾਨੀ ਦੀ ਭਰੋਸੇਮੰਦ ਸਹੂਲਤ ਮੁਹੱਈਆ ਕਰਵਾਏਗੀ। ਉਨਾਂ ਨੇ ਸਬੰਧਤ ਵਿਭਾਗਾਂ ਨੂੰ ਇਸ ਸਾਲ ਦੇ ਅੰਤ ਤੱਕ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਟੂਟੀ ਰਾਹੀਂ ਸਾਫ਼ ਪਾਣੀ ਦੀ ਸਪਲਾਈ ਅਤੇ ਪਖਾਨਿਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।
ਸੰਚਾਲਨ ਕਮੇਟੀ ਨੇ ਪਾਣੀ ਦੀ ਗੁਣਵੱਤਾ ਨੂੰ ਬਰਕਰਾਰ ਲਈ ਵਾਟਰ ਕੁਆਲਿਟੀ ਕੋਸ਼ ਨੂੰ ਹਰੀ ਝੰਡੀ ਦਿੱਤੀ। ਸੰਚਾਲਨ ਕਮੇਟੀ ਨੇ ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੇ 600 ਪਿੰਡਾਂ ਵਿੱਚ ਸਮਾਜਿਕ ਅਤੇ ਜਾਗਰੂਕਤਾ ਗਤੀਵਿਧੀਆਂ ਲਈ ਰੀਵਾਈਵਿੰਗ ਗਰੀਨ ਰੈਵੋਲੂਸ਼ਨ ਸੈੱਲ (ਟਾਟਾ ਟਰੱਸਟਾਂ ਤੋਂ ਸਮਰਥਨ ਪ੍ਰਾਪਤ) ਨਾਲ ਸਮਝੌਤਾ ਸਹੀਬੱਧ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਤਾਂ ਜੋ ਪੰਚਾਇਤੀ ਰਾਜ ਸੰਸਥਾਵਾਂ ਦੀ ਮਦਦ ਕਰਕੇ ਜਲ ਸਪਲਾਈ ਯੋਜਨਾਵਾਂ ਦੇ ਪ੍ਰਬੰਧਨ ਵਿੱਚ ਉਨਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਸਕੇ।
ਸੰਚਾਲਨ ਕਮੇਟੀ ਵੱਲੋਂ ਸੰਬੰਧਤ ਡਿਪਟੀ ਕਮਿਸ਼ਨਰਾਂ ਅਧੀਨ ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨਾਂ ਨੂੰ ਚਾਲੂ ਕਰਨ ਲਈ ਸਹਾਇਤਾ ਫੰਡ ਮੁਹੱਈਆ ਕਰਵਾਉਣ ਅਤੇ ਸ਼ਕਤੀਆਂ ਦੇਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਉਹਨਾਂ ਦੇ ਆਪਣੇ ਪੱਧਰ ‘ਤੇ ਬਾਕੀ ਬਚੇ ਪਾਈਪਾਂ ਵਾਲੇ ਪਾਣੀ ਦੇ ਕੁਨੈਕਸ਼ਨਾਂ ਦੀ ਕਵਰੇਜ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਮਰੱਥ ਬਣਾਇਆ ਜਾ ਸਕੇ।
ਇਸ ਤੋਂ ਇਲਾਵਾ, ਕੇਂਦਰੀ ਫੰਡਾਂ ਨੂੰ ਤੇਜ਼ੀ ਨਾਲ ਪ੍ਰਾਜੈਕਟ ਲਾਗੂਕਰਨ ਏਜੰਸੀਆਂ ਨੂੰ ਤਬਦੀਲ ਕਰਨ ਵਾਸਤੇ ਜੇ.ਜੇ.ਐਮ. ਅਤੇ ਐਸ.ਬੀ.ਐਮ. ਲਈ ਐਸਕ੍ਰੋਵਡ ਸਿੰਗਲ ਨੋਡਲ ਅਕਾਊਂਟ ਖੋਲਣ ਨੂੰ ਪ੍ਰਵਾਨਗੀ ਦਿੱਤੀ ਗਈ।
ਸੰਚਾਲਨ ਕਮੇਟੀ ਨੂੰ ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਤੇ ਘਰੇਲੂ ਪਖਾਨਿਆਂ ਦੇ ਨਿਰਮਾਣ, ਸਵੱਛਗ੍ਰਹਿਾਂ ਦੀ ਭੂਮਿਕਾ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਨਾਲ ਨਾਲ ਐਸ.ਬੀ.ਐਮ. ਦੀ ਸਾਲਾਨਾ ਕਾਰਜ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ, ਜਿਸ ਨੂੰ ਸੰਚਾਲਨ ਕਮੇਟੀ ਵੱਲੋਂ ਨੋਟਿਡ ਅਤੇ ਪ੍ਰਵਾਨ ਕਰ ਲਿਆ ਗਿਆ।
ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਕੇ.ਏ.ਪੀ. ਸਿਨਹਾ (ਵਿੱਤ), ਅਲੋਕ ਸ਼ੇਖਰ (ਸਿਹਤ ਅਤੇ ਪਰਿਵਾਰ ਭਲਾਈ), ਜਸਪ੍ਰੀਤ ਤਲਵਾੜ (ਜਲ ਸਪਲਾਈ ਅਤੇ ਸੈਨੀਟੇਸ਼ਨ) ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਹਾਜ਼ਰ ਸਨ।
ਡੱਬੀ
ਕੋਵਿਡ ਖ਼ਿਲਾਫ਼ ਲੜਾਈ ਲਈ 3000 ਹੋਰ ਆਕਸੀਜਨ ਕੰਸਨਟ੍ਰੇਟਰ ਖਰੀਦੇ
ਸੰਚਾਲਨ ਕਮੇਟੀ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਗਿਆ ਕਿ ਸੂਬੇ ਵਿੱਚ ਬੁਨਿਆਦੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿਸ਼ਵ ਬੈਂਕ ਦੀ ਮਦਦ ਨਾਲ ਖਰੀਦੇ ਗਏ 3000 ਆਕਸੀਜਨ ਕੰਸੰਟਰੇਟਰ ਪੀ.ਐਚ.ਐਸ.ਸੀ ਨੂੰ ਸੌਂਪ ਦਿੱਤੇ ਗਏ ਹਨ ਅਤੇ ਇਹ ਆਕਸੀਜਨ ਕੰਸੰਟਰੇਟਰ ਪੀ.ਐਚ.ਐਸ.ਸੀ. ਵੱਲੋਂ ਸੂਬੇ ਦੀਆਂ ਸਿਹਤ ਸੰਸਥਾਵਾਂ ਨੂੰ ਦੇ ਦਿੱਤੇ ਗਏ ਹਨ। ਸ੍ਰੀਮਤੀ ਵਿਨੀ ਮਹਾਜਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਨਾਂ ਆਕਸੀਜਨ ਕੰਸਨਟ੍ਰੇਟਰਾਂ ਦੀ ਕਾਰਜਕੁਸ਼ਲਤਾ ਦਾ ਮੁਲਾਂਕਣ ਕਰਨ ਅਤੇ ਇਹਨਾਂ ਦੇ ਰੱਖ-ਰਖਾਵ ਸਬੰਧੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।