ਪੰਜਾਬ ‘ਚ ਕੱਲ੍ਹ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ
ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਦੇ ਨਾਲ-ਨਾਲ ਸਾਫ਼-ਸਫ਼ਾਈ ਅਤੇ ਰੈਂਡਮ ਸੈਂਪਲਿੰਗ ਕਰਨੀ ਹੋਵੇਗੀ ਲਾਜ਼ਮੀ: ਸਿੱਖਿਆ ਮੰਤਰੀ
ਚੰਡੀਗੜ, 1 ਅਗਸਤ(ਵਿਸ਼ਵ ਵਾਰਤਾ):ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਅਧਿਆਪਕ ਕੇਵਲ ਆਨਲਾਈਨ ਕਲਾਸਾਂ ਰਾਹੀਂ ਹੀ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵਲੋਂ ਉਨਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ ਜਿਨਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨਾਂ ਕਿਹਾ ਕਿ ਦੋਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ।
ਸ੍ਰੀ ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤਫਸੀਲੀ (ਵਿਸਥਾਰਿਤ) ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਸਾਰੇ ਸਕੂਲਾਂ ਨੂੰ ਵੀ ਭੇਜੇ ਜਾ ਚੁੱਕੇ ਹਨ।
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਿਜ਼ੀਕਲ ਕਲਾਸਾਂ ਲਗਾਉਣ ਦੀ ਆਗਿਆ ਦੇਣ ਤੋਂ ਪਹਿਲਾਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਤਰਜੀਹੀ ਤੌਰ ’ਤੇ ਸਕੂਲ ਸਟਾਫ ਲਈ ਟੀਕੇ ਦੀ ਉਪਲਬਧਤਾ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ 100:1 ਅਨੁਪਾਤ ਅਨੁਸਾਰਾ ਸਕੂਲਾਂ ਵਿੱਚ ਰੈਂਡਮ ਟੈਸਟ ਵੀ ਕੀਤੇ ਜਾਣ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਹਰ ਹਫਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।