ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਇਹਨਾਂ ਰਾਜਾਂ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਚੰਡੀਗੜ੍ਹ, 25ਮਈ (ਵਿਸ਼ਵ ਵਾਰਤਾ)-ਅੱਜ ਤੋਂ ਨੌਂਤਪਾ ਸ਼ੁਰੂ ਹੋ ਗਿਆ ਹੈ, ਜਿਸ ਦਾ ਅਸਰ 2 ਜੂਨ ਤੱਕ ਜਾਰੀ ਰਹੇਗਾ। ਇਸ ਦੌਰਾਨ ਭਾਰੀ ਗਰਮੀ ਪਵੇਗੀ, ਦੇਸ਼ ਦੇ ਕੁਝ ਹਿੱਸਿਆਂ ‘ਚ ਤਾਪਮਾਨ 49 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ, ਹਰਿਆਣਾ,ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਲਈ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੇ ਗਰਮੀ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕੀਤੀ ਹੈ। ਗਰਮ ਲੂ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ, ਕੋਲਡ ਡਰਿੰਕ ਬਿਲਕੁਲ ਨਹੀਂ ਪੀਣੇ ਚਾਹੀਦੇ। ਤਿੱਖੀ ਧੁੱਪ ਤੋਂ ਬਚਣ ਲਈ ਦੁਪਿਹਰ ਵੇਲੇ ਘਰ ਤੋ ਬਾਹਰ ਘੱਟ ਤੋਂ ਘੱਟ ਨਿਕਲਣਾ ਚਾਹੀਦਾ ਹੈ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁਝ ਸਮਾਂ ਠੰਡੀ ਥਾਂ ਜਿਵੇਂ ਕਿ ਰੁੱਖ ਹੇਠਾਂ ਬੈਠਿਆ ਜਾਵੇ। ਗਰਮੀ ਵਿੱਚ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ। ਬੱਚਿਆਂ,ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਜਿਆਦਾ ਧਿਆਨ ਰੱਖਣਾ ਚਾਹੀਦਾ ਹੈ।