ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) : ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 11 ਜੂਨ ਤੋਂ 17 ਜੂਨ, 2018 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ ਅਤੇ ਬਿਸਤ ਦੁਆਬ ਕੈਨਾਲ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਨਹਿਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਵਿਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬਰਾਂਚਾਂ ਜਿਵੇਂ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।