ਮਾਨਸਾ 18 ਨਵੰਬਰ( ਵਿਸ਼ਵ ਵਾਰਤਾ )-ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਆਰੰਭ ਹੋ ਗਈ ਹੈ।ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿਚ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਐਕਟ 2020 ਬਾਰੇ ਚੱਲ ਰਹੇ ਅੰਦੋਲਨ ਨੂੰ ਨਵਾਂ ਮੋੜ ਦੇਣ ਸਮੇਤ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮਾਂ ਤਹਿਤ ਪਿੰਡਾਂ ਦੇ ਖ਼ਰੀਦ ਕੇਂਦਰਾਂ ਵਿਚੋਂ ਝੋਨੇ ਦੀ ਬੰਦ ਕੀਤੀ ਖਰੀਦ ਸਬੰਧੀ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਭਾਗ ਲੈਣ ਲਈ ਗਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਵਿਚੋਂ ਕੇਂਦਰ ਸਰਕਾਰ ਵਲੋਂ ਬੰਦ ਕੀਤੀਆਂ ਰੇਲ ਗੱਡੀਆਂ, ਦਿੱਲੀ ਵਿਖੇ 25 ਅਤੇ 26 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਦੀ ਹੋ ਰਹੀ ਮਹਾਂ ਰੈਲੀ ਦੀ ਤਿਆਰੀ ਲਈ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਸਬੰਧੀ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਮਾਲ ਗੱਡੀਆਂ ਨੂੰ ਚਲਾਉਣ ਲਈ ਕਹਿ ਰਹੀਆਂ ਹਨ, ਜਦੋਂ ਕਿ ਕੇਂਦਰੀ ਮੰਤਰੀ ਨਾਲ ਹੀ ਯਾਤਰੀ ਗੱਡੀਆਂ ਚਲਾਉਣ ਲਈ ਕਹਿ ਰਹੇ ਹਨ
ਇਹ ਮਾਮਲਾ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਹੋਈ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਵਿੱਚ ਵੀ ਉਠਿਆ ਸੀ।























