ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਕੇ ਘਮਸਾਣ ਹੋਰ ਵੀ ਤੇਜ਼
ਅਕਾਲੀ ਦਲ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਵੀ ਰਾਜਪਾਲ ਨਾਲ ਕੀਤੀ ਜਾਵੇਗੀ ਮੁਲਾਕਾਤ
ਚੰਡੀਗੜ੍ਹ,1 ਸਤੰਬਰ(ਵਿਸ਼ਵ ਵਾਰਤਾ)- ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਛਿੜੇ ਵਿਵਾਦਾਂ ਤੋਂ ਬਾਅਦ ਹੁਣ ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਧਾਨ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਵੱਲੋਂ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਉਹਨਾਂ ਵੱਲੋਂ ਪੰਜਾਬ ਦੀ ਸ਼ਰਾਬ ਨੀਤੀ ਦੀ ਜਾਂਚ ਕਰਵਾਉਣ ਦੀ ਮੰਗ ਰਾਜਪਾਲ ਸਾਹਮਣੇ ਰੱਖੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵੀ ਸ਼ਰਾਬ ਨੀਤੀ ਨੂੰ 500 ਕਰੋੜ ਦਾ ਘਪਲਾ ਕਹਿ ਚੁੱਕਾ ਹੈ ਅਤੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਲੋਂ ਨੀਤੀ ਦੀ ਜਾਂਚ ਸੀਬੀਆਈ ਅਤੇ ਈਡੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਅਸਲ ਵਿੱਚ ਪੰਜਾਬ ਵਿੱਚ ਵਿਰੋਧੀ ਇਹ ਦਲੀਲ ਦੇ ਰਹੇ ਹਨ ਕਿ ਦਿੱਲੀ ਅਤੇ ਪੰਜਾਬ ਵਿੱਚ ਸ਼ਰਾਬ ਦੀ ਨੀਤੀ ਇੱਕੋ ਜਿਹੀ ਹੈ। ਸੀਬੀਆਈ ਨੇ ਦਿੱਲੀ ਵਿੱਚ ਇਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਸ ਵਿੱਚ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਨੀਤੀ ਨੂੰ ਵਾਪਸ ਲੈ ਲਿਆ ਹੈ। ਵਿਰੋਧੀ ਕਹਿ ਰਹੇ ਹਨ ਕਿ ਜਦੋਂ ਇਸ ਨੀਤੀ ਵਿੱਚ ਕਥਿਤ ਕੁਤਾਹੀ ਹੋਈ ਹੈ ਤਾਂ ਪੰਜਾਬ ਵਿੱਚ ਵੀ ਇਸ ਦੀ ਜਾਂਚ ਹੋਣੀ ਚਾਹੀਦੀ ਹੈ।