ਪੰਜਾਬ ਦੇ ਇਕ ਪਿੰਡ ਨੇ ਲਿਆ ਵੱਡਾ ਫੈਸਲਾ
ਸਾਰੇ ਸਿਆਸੀ ਆਗੂਆਂ ਦੇ ਬਾਈਕਾਟ ਦਾ ਕੀਤਾ ਐਲਾਨ
ਗੁਰਦੁਆਰਾ ਸਾਹਿਬ ਮੀਟਿੰਗ ਸੱਦ ਕੇ ਮਤਾ ਕੀਤਾ ਪਾਸ

ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ) ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਭੁੱਲੜਹੇੜੀ ਦੇ ਵਾਸੀਆਂ ਨੇ ਇਕ ਵੱਡਾ ਫੈਸਲਾ ਲੈਂਦਿਆਂ ਸਾਰੇ ਸਿਆਸੀ ਆਗੂਆਂ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਦੀ ਅਪੀਲ ਤੇ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕਰਕੇ ਇਹ ਫੈਸਲਾ ਲਿਆ ਕਿ ਕੋਈ ਵੀ ਪਿੰਡ ਵਾਸੀ ਕਿਸੇ ਵੀ ਸਿਆਸੀ ਆਗੂ ਨੂੰ ਪਿੰਡ ਆਉਣ ਦਾ ਸੱਦਾ ਨਹੀਂ ਦੇਵੇਗਾ ਅਤੇ ਨਾ ਹੀ ਕਿਸੇ ਸਿਆਸੀ ਆਗੂ ਨੂੰ ਪਿੰਡ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ। ਇਹ ਬਾਈਕਾਟ ਓਨਾ ਚਿਰ ਲਾਗੂ ਰਹੇਗਾ ਜਿਨਾਂ ਚਿਰ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਜਿਹਾ ਬਿਆਨ ਆਇਆ ਸੀ ਕਿ ਸਿਆਸੀ ਆਗੂਆਂ ਦਾ ਪਿੰਡਾਂ ਵਿੱਚ ਆਉਣ ਤੇ ਬਾਈਕਾਟ ਕੀਤਾ ਜਾਵੇ। ਪਰ ਬਾਅਦ ਵਿੱਚ ਇਸ ਬਿਆਨ ਨੂੰ ਵਾਪਸ ਲੈ ਲਿਆ ਗਿਆ ਸੀ। ਹੁਣ ਜਦੋਂ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਲੀਡਰਾਂ ਦਾ ਤਾਂ ਬਾਈਕਾਟ ਤੇ ਵਿਰੋਧ ਕੀਤਾ ਜਾ ਰਿਹਾ ਹੈ ਤੇ ਕੁਝ ਪਿੰਡਾਂ ਵਿੱਚ ਅਕਾਲੀ ਦਲ ਬਾਦਲ ਦੇ ਲੀਡਰਾਂ ਦਾ ਵੀ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵੀ ਇੱਕ ਪਿੰਡ ਵਿੱਚ ਭਾਰੀ ਵਿਰੋਧ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ।






















