ਚੰਡੀਗੜ੍ਹ, 10 ਜੁਲਾਈ( ਵਿਸ਼ਵ ਵਾਰਤਾ)-
ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਰਮੇਸ਼ ਪੋਖਰਿਆਲ ਨੂੰ ਇੱਕ ਪੱਤਰ ਲਿਖ ਕੇ ਮਨੁੱਖੀ ਸਰੋਤ ਮੰਤਰਾਲੇ, ਭਾਰਤ ਸਰਕਾਰ ਅਤੇ ਯੂ.ਜੀ.ਸੀ. ਵੱਲੋਂ ਜਾਰੀ ਸੋਧੇ ਦਿਸ਼ਾ-ਨਿਰਦੇਸ਼ਾਂ ਸਬੰਧੀ ਸਮੁੱਚੇ ਮਾਮਲੇ ਦੀ ਮੁੜ ਪੜਤਾਲ ਕਰਨ ਦੀ ਬੇਨਤੀ ਕੀਤੀ ਹੈ ਜਿਸ ਵਿਚ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਉਪ ਕੁਲਪਤੀਆਂ ਨੂੰ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕੋਰਸਾਂ ਦੀਆਂ ਆਖ਼ਰੀ ਸਾਲ/ ਸਮੈਸਟਰਾਂ ਦੀਆਂ ਪ੍ਰੀਖਿਆਵਾਂ ਲਾਜ਼ਮੀ ਤੌਰ `ਤੇ 30.09.2020 ਤੱਕ ਕਰਵਾਉਣ ਸਬੰਧੀ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਸ੍ਰੀ ਬਾਜਵਾ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਜਨਤਾ ਦੇ ਵਡੇਰੇ ਹਿੱਤ ਵਿੱਚ ਕੋਵਿਡ -19 ਮਹਾਂਮਾਰੀ ਨਾਲ ਸਫ਼ਲਤਾਪੂਰਵਕ ਨਜਿੱਠਣ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ `ਤੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ / ਯੂ.ਜੀ.ਸੀ. ਵੱਲੋਂ ਮਿਤੀ 06.07.2020 ਨੂੰ ਜਾਰੀ ਸੋਧੇ ਦਿਸ਼ਾ ਨਿਰਦੇਸ਼ਾਂ ਨੂੰ ਲਾਜ਼ਮੀ ਨਾ ਬਣਾ ਕੇ ਸੂਬਾ ਸਰਕਾਰ ਨੂੰ ਆਪਣੇ ਪੱਧਰ `ਤੇ ਫੈਸਲਾ ਲੈਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਸਰੋਤ ਵਿਕਾਸ ਮੰਤਰਾਲੇ / ਯੂ.ਜੀ.ਸੀ ਵੱਲੋਂ ਮਿਤੀ 06-07-22020 ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਜਿਸ ਵਿੱਚ ਆਖ਼ਰੀ ਸਾਲ/ਸਮੈਸਟਰ ਦੀਆਂ ਪ੍ਰੀਖਿਆਵਾਂ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ, ਨਾਲ ਸਾਰੇ ਭਾਈਵਾਲਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਜਿਨ੍ਹਾਂ ਵਿੱਚੋਂ ਬਹੁਤੇ ਕੰਪਿਊਟਰ / ਲੈਪਟਾਪ ਅਤੇ ਢੁੱਕਵੀਂ ਇੰਟਰਨੈਟ ਸੁਵਿਧਾ ਦੀ ਪਹੁੰਚ ਤੋਂ ਬਿਨਾਂ ਦੂਰ ਦਰਾਡੇ ਦੇ ਪੇਂਡੂ ਖੇਤਰਾਂ ਵਿੱਚ ਰਹਿੰਦੇ ਹਨ, ਲਈ ਆਨ ਲਾਈਨ ਪ੍ਰੀਖਿਆ ਕਰਵਾਉਣਾ ਸੰਭਵ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਤੱਥ ਨੂੰ ਵਿਚਾਰਦਿਆਂ ਕਿ ਹੋਸਟਲ ਵਿੱਚ ਰਹਿਣ ਦੀ ਸਥਿਤੀ ਵਿੱਚ ਸਮਾਜਿਕ ਦੂਰੀ ਅਤੇ ਹੋਰ ਕੋਵਿਡ -19 ਪ੍ਰੋਟੋਕੋਲ ਕਾਇਮ ਨਹੀਂ ਰੱਖੇ ਜਾ ਸਕਦੇ, ਸਰੀਰਕ ਜਾਂਚ ਕਰਨ ਵਿੱਚ ਕਈ ਲੌਜਿਸਟੀਕਲ ਅਤੇ ਆਪਰੇਸ਼ਨਲ ਚੁਣੌਤੀਆਂ ਦਰਪੇਸ਼ ਆਉਣਗੀਆਂ। ਜ਼ਿਆਦਾਤਰ ਥਾਵਾਂ `ਤੇ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਪ੍ਰਬੰਧਨ ਦੇ ਉਦੇਸ਼ਾਂ ਜਿਵੇਂ ਆਰਜ਼ੀ ਮੈਡੀਕਲ ਕੈਂਪ/ਕੋਵਿਡ ਕੇਅਰ ਹਸਪਤਾਲ, ਕੁਆਰੰਨਟਾਈਨ ਸੈਂਟਰ ਆਦਿ ਵਾਸਤੇ ਕਾਲਜ / ਯੂਨੀਵਰਸਿਟੀ ਦੀਆਂ ਇਮਾਰਤਾਂ/ਹੋਸਟਲ ਆਪਣੇ ਅਧਿਕਾਰ ਹੇਠ ਲੈ ਲਏ ਗਏ ਹਨ। ਕੋਵਿਡ-19 ਕਰਕੇ ਜਨਤਕ ਆਵਾਜਾਈ ਵੀ ਤਕਰੀਬਨ ਬੰਦ ਹੋਣ ਕਰਕੇ ਵਿਦਿਆਰਥੀਆਂ ਦਾ ਕਾਲਜ ਆਉਣਾ ਕਾਫ਼ੀ ਮੁਸ਼ਕਲ ਹੋਵੇਗਾ।
ਪੰਜਾਬ ਵਿੱਚ ਕੋਵਿਡ -19 ਕੇਸਾਂ ਦੀ ਗਿਣਤੀ ਚਿੰਤਾਜਨਕ ਰੂਪ ਵਿੱਚ ਵੱਧ ਰਹੀ ਹੈ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਹਾਲਾਤ ਕਾਫ਼ੀ ਖਰਾਬ ਹੋਣ ਦੀ ਉਮੀਦ ਹੈ। ਇਹਨਾਂ ਸਥਿਤੀਆਂ ਵਿੱਚ, ਮਨੁੱਖ ਸਰੋਤ ਵਿਕਾਸ ਮੰਤਰਾਲੇ/ਯੂ.ਜੀ.ਸੀ. ਵੱਲੋਂ 06.07.2020 ਨੂੰ ਜਾਰੀ ਸੋਧੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਖ਼ਰੀ ਸਾਲ/ਸਮੈਸਟਰ ਦੇ ਵਿਦਿਆਰਥੀਆਂ ਦੀਆਂ ਪ਼ੀਖਿਆਵਾਂ ਕਰਵਾਉਣਾ ਨਾ ਤਾਂ ਸੰਭਵ ਹੈ ਅਤੇ ਨਾ ਹੀ ਸਲਾਹ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਦੇ ਫੈਸਲੇ ਨਾਲ ਵਿਦਿਆਰਥੀਆਂ `ਤੇ ਉਲਟ ਅਸਰ ਪਵੇਗਾ।
ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਅਪ੍ਰੈਲ 2020 ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮੌਜੂਦਾ ਰੁਝਾਨ ਅਤੇ ਵਿਸ਼ਵ ਦੀ ਮੋਹਰੀ ਸੰਸਥਾ ਦੁਆਰਾ ਕੀਤੇ ਗਏ ਅਧਿਐਨ ਨਾਲ ਸਾਨੂੰ ਪੱਕਾ ਯਕੀਨ ਨਹੀਂ ਹੈ ਕਿ ਭਾਰਤ ਵਰਗੇ ਵਿਸ਼ਾਲ ਦੇਸ਼ ਵਿੱਚ ਸਤੰਬਰ ਤੱਕ ਆਫ ਲਾਈਨ ਪ੍ਰੀਖਿਆਵਾਂ ਕਰਵਾਉਣ ਲਈ ਸਥਿਤੀ ਅਨੁਕੂਲ ਹੋਵੇਗੀ ਜਾਂ ਨਹੀਂ।ਉਨ੍ਹਾਂ ਅੱਗੇ ਕਿਹਾ ਕਿ 30 ਸਤੰਬਰ 2020 ਤੱਕ ਆਖ਼ਰੀ ਸਮੈਸਟਰ / ਸਾਲ ਦੀਆਂ ਪ੍ਰੀਖਿਆਵਾਂ ਕਰਵਾਉਣ ਨਾਲ ਨਾ ਸਿਰਫ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਦੇਰੀ ਹੋਵੇਗੀ ਬਲਕਿ ਇਹ ਜ਼ਿਆਦਾਤਰ ਵਿਦਿਆਰਥੀਆਂ ਜੋ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਗੁਜ਼ਾਰੇ ਲਈ ਨੌਕਰੀ ਹਾਸਲ ਕਰਨ `ਤੇ ਨਿਰਭਰ ਹਨ, ਦੇ ਕਰੀਅਰ ਲਈ ਨੁਕਸਾਨਦੇਹ ਹੋਣ ਦੇ ਨਾਲ ਨਾਲ ਵਿੱਤੀ ਪ੍ਰੇਸ਼ਾਨੀ ਦਾ ਕਾਰਨ ਬਣੇਗਾ।ਸ੍ਰੀ ਬਾਜਵਾ ਨੇ ਅੱਗੇ ਕਿਹਾ ਕਿ ‘ਇਹ ਵਿਦਿਆਰਥੀਆਂ ਵਾਸਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਉਚੇਰੀ ਸਿੱਖਆ ਜਾਂ ਦਾਖਲਾ ਪ੍ਰੀਖਿਆਵਾਂ ਲਈ ਅਪਲਾਈ ਕਰਨ ਦੇ ਰਾਹ ਵਿੱਚ ਰੁਕਾਵਟ ਬਣੇਗਾ ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਨੋਬਲ ਨੂੰ ਢਾਹ ਲੱਗੇਗੀ।
ਮੰਤਰੀ ਨੇ ਆਪਣੇ ਪੱਤਰ ਵਿੱਚ ਇਹ ਵੀ ਦੱਸਿਆ ਕਿ ਮਹਾਰਾਸ਼ਟਰ, ਹਰਿਆਣਾ, ਰਾਜਸਥਾਨ, ਓਡੀਸ਼ਾ, ਤਾਮਿਲਨਾਡੂ, ਪੱਛਮੀ ਬੰਗਾਲ,ੁ ਪੁਡੂਚੇਰੀ ਨੇ ਵੀ ਟਰਮੀਨਲ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਇਥੋਂ ਤੱਕ ਕਿ ਆਈਆਈਟੀ ਮੁੰਬਈ, ਖੜਗਪੁਰ, ਕਾਨਪੁਰ, ਰੁੜਕੀ ਨੇ ਵੀ ਆਪਣੀਆਂ ਆਖ਼ਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ।
ਸ੍ਰੀ ਬਾਜਵਾ ਨੇ ਇਹ ਵੀ ਕਿਹਾ ਕਿ ਯੂਜੀਸੀ ਨੇ ਇਸ ਤੋਂ ਪਹਿਲਾਂ 29.04.2020 ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ ਜਿਸ ਵਿੱਚ ਇਹ ਸਪੱਸ਼ਟ ਤੌਰ ਤੇ ਦੱਸਿਆ ਗਿਆ ਸੀ ਕਿ ਦਿਸ਼ਾ ਨਿਰਦੇਸ਼ ਅਸਲ ਵਿਚ ਐਡਵਾਇਜ਼ਰੀ ਹੀ ਸਨ ਜਿਸ ਮੁਤਾਬਕ ਹਰ ਯੂਨੀਵਰਸਿਟੀ ਕੋਵਿਡ -19 ਨਾਲ ਸਬੰਧਤ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਆਪਣੀ ਕਾਰਵਾਈ ਸਬੰਧੀ ਯੋਜਨਾ ਤਿਆਰ ਕਰੇਗੀ।ਇਸਦੇ ਨਾਲ ਹੀ ਯੂਨੀਵਰਸਿਟੀ ਨੂੰ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰੀ ਅਥਾਰਟੀਆਂ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ ਤੇ ਹਦਾਦਿੲਤਾਂ ਦੀ ਪਾਲਣਾ ਕਰਨੀ ਹੋਵੇਗੀ। ਰਾਜ ਸਰਕਾਰ ਨੇ, ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ / ਫੈਕਲਟੀਜ਼ / ਸਟਾਫ ਦੀ ਸੁਰੱਖਿਆ ਬਾਰੇ ਵਿਚਾਰ ਵਟਾਂਦਰੇ ਤੋਂ ਬਾਅਦ, ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਪ੍ਰੀਖਿਆਵਾਂ ਕਰਵਾਉਣ ਵੇਲੇ ਆਉਣ ਵਾਲੀਆਂ ਮੁਸ਼ਕਲਾਂ ਦੇ ਖਦਸ਼ੇ ਵਜੋਂ 03.07.2020 ਨੂੰ ਸਾਰੀਆਂ ਲੰਬਿਤ ਯੂ.ਜੀ. ਅਤੇ ਪੀਜੀ ਦੀਆਂ ਫਾਈਨਲ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਸੀ। ਪਿਛਲੇ ਸਾਲਾਂ / ਸਮੈਸਟਰਾਂ ਵਿੱਚ ਪ੍ਰਦਰਸ਼ਨ ਦੇ ਅਧਾਰ ਤੇ ਵਿਦਿਆਰਥੀਆਂ ਨੂੰ ਅੱਗੇ ਪ੍ਰਮੋਟ ਕੀਤਾ ਜਾਵੇ। ਇਹ ਵਿਦਿਅਕ ਭਰੋਸੇਯੋਗਤਾ, ਕੈਰੀਅਰ ਦੇ ਮੌਕੇ, ਭਵਿੱਖ ਦੀਆਂ ਸੰਭਾਵਨਾਵਾਂ ਅਤੇ ਸਿਹਤ, ਸੁਰੱਖਿਆ ਅਤੇ ਵਿਦਿਆਰਥੀਆਂ ਲਈ ਨਿਰਪੱਖ ਤੇ ਬਰਾਬਰ ਅਵਸਰ ਦੇ ਸਿਧਾਂਤਾਂ ਦੀ ਰਾਖੀ ਹਿੱਤ ਕੀਤਾ ਗਿਆ ਹੈ।
ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਭਾਈਵਾਲਾਂ ਨੇ ਰਾਜ ਸਰਕਾਰ ਦੇ ਇਸ ਫੈਸਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ ਅਤੇ ਇਸ ਨੂੰ ਮੌਜੂਦਾ ਕੋਵਿਡ -19 ਸਥਿਤੀ ਵਿਚ ਸਭ ਤੋਂ ਢੁਕਵਾਂ ਫੈਸਲਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਵਿਸ਼ਵਾਸ, ਸੰਤੁਸ਼ਟੀ, ਯੋਗਤਾ, ਪ੍ਰਦਰਸ਼ਨ ਅਤੇ ਭਰੋਸੇਯੋਗਤਾ ਨੂੰ ਬਰਕਾਰ ਰੱਖਦਿਆਂ ਇਛੁੱਕ ਵਿਦਿਆਰਥੀਆਂ ਨੂੰ ਆਪਣੇ ਅੰਕਾਂ ਵਿਚ ਸੁਧਾਰ ਕਰਨ ਲਈ ਅਨੁਕੂਲ ਸਥਿਤੀ ਆਉਣ ਤੇ ਪ੍ਰੀਖਿਆਵਾਂ ਵਿਚ ਬੈਠਣ ਦੀ ਵਿਵਸਥਾ ਵੀ ਦਿੱਤੀ ਗਈ ਹੈ।