ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਬਣਿਆ ਰੇੜ੍ਹਕਾ;ਐਲਾਨ ਦੇ ਦੋ ਦਿਨਾਂ ਬਾਅਦ ਵੀ ਨਹੀਂ ਹੋਇਆ ਨੋਟਿਫਿਕੇਸ਼ਨ ਜਾਰੀ!
ਪੜ੍ਹੋ ਪਿਛਲੇ 10 ਮਹੀਨਿਆਂ ਵਿੱਚ ਪੰਜਾਬ ‘ਚ ਕਿੰਨੀ ਵਾਰ ਬਦਲੇ ਏਜੀ
ਚੰਡੀਗੜ੍ਹ,28 ਜੁਲਾਈ(ਵਿਸ਼ਵ ਵਾਰਤਾ)-ਅਨਮੋਲ ਰਤਨ ਸਿੰਘ ਸਿੱਧੂ ਦੇ ਪੰਜਾਬ ਦੇ ਐਡੋਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਲਟਕਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ਦਾ ਐਲਾਨ ਕੀਤਾ ਗਿਆ ਸੀ। ਪਰ, ਅਜੇ ਤੱਕ ਇਸ ਸੰਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਦਰਅਸਲ, ਐਡਵੋਕੇਟ ਘਈ ਦੇ ਨਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਵਕੀਲ ਰਹੇ ਹਨ। ਅਜਿਹੇ ‘ਚ ਵਿਰੋਧੀ ਪਾਰਟੀਆਂ ਤੋਂ ਇਲਾਵਾ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚਾ ਉਨ੍ਹਾਂ ਦੀ ਨਿਯੁਕਤੀ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਦੇ ਕਰੀਬੀਆਂ ਦਾ ਦਾਅਵਾ ਹੈ ਕਿ ਰਾਜਪਾਲ ਦੇ ਸ਼ਹਿਰ ਤੋਂ ਬਾਹਰ ਹੋਣ ਕਾਰਨ ਦੇਰੀ ਹੋਈ ਹੈ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਪਿਛਲੇ 10 ਮਹੀਨਿਆਂ ਵਿੱਚ ਪੰਜਾਬ ਨੂੰ 4 ਐਡਵੋਕੇਟ ਜਨਰਲ ਮਿਲ ਚੁੱਕੇ ਹਨ। ਇਹਨਾਂ ਵਿੱਚ ਕੈਪਟਨ ਸਰਕਾਰ ਵੱਲੋਂ ਲਗਾਏ ਗਏ ਅਤੁਲ ਨੰਦਾ, ਚੰਨੀ ਸਰਕਾਰ ਵੱਲੋਂ ਲਗਾਏ ਗਏ ਏਪੀਐਸ ਦਿਓਲ ਤੇ ਡੀਐਸ ਪਟਵਾਲੀਆ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਲਗਾਏ ਗਏ ਅਨਮੋਲ ਰਤਨ ਸਿੱਧੂ ਸ਼ਾਮਿਲ ਹਨ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਉਹਨਾਂ ਦੇ ਬੇਅਦਬੀ ਨਾਲ ਸਬੰਧਤ ਗੋਲੀਕਾਂਡ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਮੁਲਜ਼ਮ ਪੁਲਿਸ ਅਧਿਕਾਰੀਆਂ ਦੇ ਵਕੀਲ ਹੋਣ ਕਾਰਨ ਉਨ੍ਹਾਂ ਦੀ ਨਿਯੁਕਤੀ ਦਾ ਵਿਰੋਧ ਹੋਇਆ ਸੀ। ਜਿਸ ਤੋਂ ਬਾਅਦ ਚੰਨੀ ਸਰਕਾਰ ਨੂੰ ਉਨ੍ਹਾਂ ਨੂੰ ਹਟਾ ਕੇ ਐਡਵੋਕੇਟ ਡੀਐਸ ਪਟਵਾਲੀਆ ਨੂੰ ਏਜੀ ਲਗਾ ਦਿੱਤਾ ਸੀ। ਹੁਣ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਦੇ ਅਧਿਕਾਰਤ ਐਲਾਨ ਤੋਂ ਪਹਿਲਾਂ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਨਵੇਂ ਏਜੀ ਦੀ ਨਿਯੁਕਤੀ ਫਿਲਹਾਲ ਲਟਕਦੀ ਨਜ਼ਰ ਆ ਰਹੀ ਹੈ।